ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਅਕਾਲ ਤਖਤ ਤੱਕ ਨਗਰ ਕੀਰਤਨ ਸਜਾਇਆ ਗਿਆ ਹੈ। ਇਸ ਸਬੰਧ ਵਿੱਚ ਸਵੇਰੇ ਪਹਿਲਾਂ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਗੁਰਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਹੁਕਮਨਾਮਾ ਲਿਆ ਗਿਆ। ਪੁਰਾਤਨ ਪਰੰਪਰਾ ਮੁਤਾਬਕ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਪਾਵਨ ਸਰੂਪ ਨੂੰ ਆਪਣੇ ਸਿਰ ’ਤੇ ਪਾਲਕੀ ਤੱਕ ਲਿਆਏ ਅਤੇ ਪਾਵਨ ਸਰੂਪ ਨੂੰ ਸੁੰਦਰ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਅਧਿਕਾਰੀ ਸਮੇਤ ਸੰਗਤ ਹਾਜ਼ਰ ਸਨ। ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਅਕਾਲ ਤਖਤ ਤੱਕ ਨਗਰ ਕੀਰਤਨ ਦੇ ਮਾਰਗ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਸੰਗਤਾਂ ਦੇ ਜੈਕਾਰੇ , ਬੈਂਡ ਦੀਆਂ ਸ਼ਬਦੀ ਧੁਨਾਂ ਅਤੇ ਸੰਗਤ ਦੇ ਭਾਰੀ ਉਤਸ਼ਾਹ ਨਾਲ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ। ਇਸ ਸਬੰਧ ਵਿੱਚ ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਜਲੌ ਵੀ ਸਜਾਏ ਗਏ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸੁੰਦਰ ਸਜਾਵਟ ਵੀ ਕੀਤੀ ਗਈ ਹੈ, ਜੋ ਕਿ ਸੰਗਤ ਦੀ ਵੱਡੀ ਖਿੱਚ ਦਾ ਕੇਂਦਰ ਹੈ। ਮੀਂਹ ਦੇ ਬਾਵਜੂਦ ਸੰਗਤ ਵਿੱਚ ਗੁਰਪੁਰਬ ਸਬੰਧੀ ਭਾਰੀ ਉਤਸ਼ਾਹ ਹੈ। ਇਸ ਸਬੰਧ ਵਿੱਚ ਰਾਤ ਨੂੰ ਦੀਪ ਮਾਲਾ ਹੋਵੇਗੀ ਅਤੇ ਆਤਿਸ਼ਬਾਜ਼ੀ ਵੀ ਚੱਲੇਗੀ। ਇਸ ਦੌਰਾਨ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਦੀਵਾਨ ਵੀ ਸਜਾਏ ਜਾ ਰਹੇ ਹਨ।