ਮੁੱਖ ਮੰਤਰੀ ਦੀ ਕੋਠੀ ਅੱਗੇ ਅੱਜ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਹੋਈ ਖਿੱਚ-ਧੂਹ ਕਾਰਨ ਪੁਲੀਸ ਦਾ ਹਾਲੇ ਪਸੀਨਾ ਵੀ ਨਹੀਂ ਸੁੱਕਿਆ ਸੀ ਕਿ ਕੁਝ ਚਿਰ ਮਗਰੋਂ ਹੀ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨਾਲ ਧੱਕਾ-ਮੁੱਕੀ ਹੋ ਗਈ। ਇਸ ਦੌਰਾਨ ਕਈਆਂ ਦੀਆਂ ਪੱਗਾਂ ਲੱਥ ਗਈਆਂ ਤੇ ਕਈ ਧੱਕਾ-ਮੁੱਕੀ ਦੌਰਾਨ ਹੇਠਾਂ ਵੀ ਡਿੱਗ ਗਏ। ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਅਤੇ ਰੁਕੇ ਬਕਾਏ ਦੇਣ ਸਣੇ ਤਨਖ਼ਾਹ ’ਚ ਵਾਧੇ ਆਦਿ ਮੰਗਾਂ ਦੇ ਸਬੰਧ ’ਚ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸਨ। ਅਧਿਆਪਕ ਵੇਰਕਾ ਮਿਲਕ ਪਲਾਂਟ ਪਾਰਕ ਵਿੱਚ ਇਕੱਠੇ ਹੋਣ ਮਗਰੋਂ ਮਾਰਚ ਕਰਦਿਆਂ ਜਿਉਂ ਹੀ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਗੇਟ ’ਤੇ ਪੁੱਜੇ ਤਾਂ ਪੁਲੀਸ ਨੇ ਸਖ਼ਤ ਨਾਕਾਬੰਦੀ ਕਰ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ’ਤੇ ਪ੍ਰਦਰਸ਼ਨਕਾਰੀਆਂ ਨੇ ਆਵਾਜਾਈ ਠੱਪ ਕਰ ਕੇ ਧਰਨਾ ਦਿੱਤਾ। ਕਰੀਬ ਦੋ ਘੰਟੇ ਧਰਨਾ ਦੇਣ ਉਪਰੰਤ ਜਦੋਂ ਕੋਈ ਸੁਣਵਾਈ ਨਾ ਹੋਈ ਤਾਂ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਦੀ ਨਾਕਾਬੰਦੀ ਤੋੜਦਿਆਂ ਜਬਰੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਹੀ ਪੁਲੀਸ ਨਾਲ ਖਿੱਚ-ਧੂਹ ਹੋ ਗਈ। ਯੂਨੀਅਨ ਦੀ ਸੂਬਾ ਪ੍ਰਧਾਨ ਡਾ. ਟੀਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੈਨਲ ਮੀਟਿੰਗਾਂ ਦੌਰਾਨ ਮੈਰੀਟੋਰੀਅਸ ਟੀਚਰਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਹਿਮਤੀ ਪ੍ਰਗਟਾਈ ਗਈ ਹੈ ਪਰ ਇਸ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੈਰੀਟੋਰੀਅਸ ਸਕੂਲਾਂ ਦੇ ਪ੍ਰਧਾਨ ਹਨ, ਉਨ੍ਹਾਂ ਇੱਕ ਵੀ ਮੀਟਿੰਗ ਮੈਰੀਟੋਰੀਅਸ ਅਧਿਆਪਕਾਂ ਨਾਲ ਨਹੀਂ ਕੀਤੀ। 10 ਸਾਲਾਂ ’ਚ ਤਨਖ਼ਾਹ ’ਚ ਵਾਧਾ ਵੀ ਨਾਮਾਤਰ ਹੋਇਆ ਹੈ। ਧਰਨੇ ਨੂੰ ਡੀ ਟੀ ਐੱਫ ਦੇ ਸੂਬਾ ਆਗੂ ਦਿਗਵਿਜੇ ਪਾਲ ਸ਼ਰਮਾ, ਬੀ ਕੇ ਯੂ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ, ਡੀ ਟੀ ਐੱਫ ਆਗੂ ਕੁਲਵੰਤ ਸਿੰਘ ਖਨੌਰੀ, ਜੀ ਟੀ ਯੂ ਦੇ ਸਰਬਜੀਤ ਸਿੰਘ ਪੁੰਨਾਵਾਲ, 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਦੇ ਆਗੂ ਡਾ. ਹਰਮਿੰਦਰ ਸਿੰਘ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਜੋਨੀ ਸਿੰਗਲਾ, ਜੀਟੀਯੂ ਦੇ ਦੇਵੀ ਦਿਆਲ, ਡੀ ਟੀ ਐੱਫ ਦੇ ਦਾਤਾ ਸਿੰਘ ਨਮੋਲ ਤੋਂ ਇਲਾਵਾ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਵਿਪਨੀਤ ਕੌਰ, ਸੂਬਾ ਆਗੂ ਰਾਕੇਸ਼ ਕੁਮਾਰ, ਵਿਕਾਸ ਕੁਮਾਰ, ਬੂਟਾ ਸਿੰਘ ਮਾਨ, ਮੋਹਿਤ ਪੂਨੀਆ, ਸੁਖਜੀਤ ਕੌਰ, ਹਰਪ੍ਰੀਤ ਸਿੰਘ, ਮਨੋਜ ਕੁਮਾਰ ਆਦਿ ਨੇ ਸੰਬੋਧਨ ਕੀਤਾ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੂਨੀਅਨ ਦੀ ਮੁੱਖ ਮੰਤਰੀ ਦੇ ਵਿਸ਼ੇਸ਼ ਸਕੱਤਰ ਨਵਰਾਜ ਸਿੰਘ ਬਰਾੜ ਨਾਲ ਪਹਿਲੀ ਅਕਤੂਬਰ ਅਤੇ ਕੈਬਨਿਟ ਸਬ-ਕਮੇਟੀ ਨਾਲ ਤਿੰਨ ਅਕਤੂਬਰ ਦੀ ਮੀਟਿੰਗ ਤੈਅ ਕਰਵਾਈ ਜਿਸ ਮਗਰੋਂ ਪ੍ਰਦਰਸ਼ਨ ਸਮਾਪਤ ਹੋਇਆ।