ਲਗਭਗ 1900 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਇਹ ਜਥਾ ਅੱਜ ਵਾਹਗਾ-ਅਟਾਰੀ ਸਰਹੱਦ ਰਸਤਿਓਂ ਵਾਪਸ ਪੁੱਜਾ ਹੈ। ਸਿੱਖ ਸ਼ਰਧਾਲੂਆਂ ਨੇ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਇਆ ਸੀ। ਇਸ ਮਗਰੋਂ ਸ਼ਰਧਾਲੂ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ, ਗੁਰਦੁਆਰਾ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰ ਕੇ ਆਏ ਹਨ। ਪ੍ਰਬੰਧਕਾਂ ਅਤੇ ਸ਼ਰਧਾਲੂਆਂ ਨੇ ਆਖਿਆ ਕਿ ਪਾਕਿਸਤਾਨ ਸਰਕਾਰ ਨੇ ਜਥੇ ਵਾਸਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਸਨ। ਇਸ ਦੌਰਾਨ, ਇੱਕ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਅਤੇ ਉਸ ਦੀ ਲਾਸ਼ ਪਹਿਲਾਂ ਹੀ ਭਾਰਤ ਭੇਜ ਦਿੱਤੀ ਗਈ ਸੀ।
