ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ ਪੰਜਾਬ ਰੋਡਵੇਜ਼, ਪਨਬਸ ਅਤੇ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਕਿਲੋਮੀਟਰ ਸਕੀਮ ਦੀਆਂ ਬੱਸਾਂ ਖ਼ਿਲਾਫ਼ ਵਿੱਢੇ ਸੰਘਰਸ਼ ਨੂੰ ਆਪਣੀ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਬੱਸ ਕਾਮਿਆਂ ਨਾਲ ਇਸ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਅਤੇ ਕਿਸਾਨ ਮਜ਼ਦੂਰ ਮੋਰਚਾ ਸਮੇਤ ਵੱਖ-ਵੱਖ ਜਥੇਬੰਦੀਆਂ ਨੇ ਪੰਜਾਬ ਭਰ ਵਿੱਚ ਬੱਸ ਕਾਮਿਆਂ ਦੇ ਧਰਨਿਆਂ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੇ ਪਿਛਲੇ ਦਿਨੀਂ ਸਰਕਾਰ ਵੱਲੋਂ ਮੁਲਾਜ਼ਮ ਆਗੂਆਂ ਦੀ ਗ੍ਰਿਫ਼ਤਾਰੀ, ਕੁੱਟਮਾਰ ਅਤੇ ਬਰਖਾਸਤਗੀ ਦੀ ਨਿਖੇਧੀ ਕੀਤੀ। ਆਗੂਆਂ ਕਿਹਾ ਕਿ ਲੋਕਤੰਤਰ ਵਿੱਚ ਹੱਕ ਮੰਗਦੇ ਲੋਕਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣਾ ਸਰਕਾਰ ਦੀ ਬੌਖਲਾਹਟ ਨੂੰ ਦਰਸਾਉਂਦਾ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਪੂਰਥਲਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਲੁਧਿਆਣਾ ਵਿੱਚ ਚੱਲ ਰਹੇ ਧਰਨਿਆਂ ਵਿੱਚ ਹਿੱਸਾ ਲਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਜਬਰ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਲੋਕ ਰੋਹ ਦਾ ਸਾਹਮਣਾ ਕਰਨਾ ਪਵੇਗਾ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਦੀ ‘ਅਖੌਤੀ ਇਨਕਲਾਬੀ’ ਸਰਕਾਰ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕਰਨ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਤੋਂ ਵੀ ਅੱਗੇ ਲੰਘ ਰਹੀ ਹੈ। ਜਥੇਬੰਦੀ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ 2 ਦਸੰਬਰ ਨੂੰ ਸੂਬਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਰੋਡਵੇਜ਼ ਮੁਲਾਜ਼ਮਾਂ ਅਤੇ ਬਿਜਲੀ ਸੋਧ ਬਿੱਲ 2025 ਦੇ ਮੁੱਦਿਆਂ ’ਤੇ ਵਿਚਾਰ ਕਰਕੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਜੇ ਸਰਕਾਰ ਨੇ ਜਬਰ ਦਾ ਰਾਹ ਨਾ ਛੱਡਿਆ ਤਾਂ ਠੋਸ ਰਣਨੀਤੀ ਬਣਾ ਕੇ ਮੁਲਾਜ਼ਮਾਂ ਦੀ ਡਟਵੀਂ ਹਮਾਇਤ ਕੀਤੀ ਜਾਵੇਗੀ। ਉਧਰ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਸਾਥੀਆਂ ਸਮੇਤ ਧਰਨੇ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਕੇਂਦਰ ਦੇ ਨਕਸ਼ੇ-ਕਦਮਾਂ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਬੱਸ ਕਾਮਿਆਂ ਦੀਆਂ ਮੰਗਾਂ ਜਲਦ ਮੰਨੀਆਂ ਜਾਣ, ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
3 thoughts on “ਕਿਸਾਨ ਜਥੇਬੰਦੀਆਂ ਬੱਸ ਕਾਮਿਆਂ ਦੇ ਹੱਕ ’ਚ ਡਟੀਆਂ”
Comments are closed.

Pingback: Como os brasileiros se juntam ao Abu Sayyaf
Pingback: Pjaser Av William Shakespeare
Pingback: vostokcasino20.fun