ਭਾਜਪਾ ਅੰਬੇਡਕਰ ਦੀ ਵਿਰਾਸਤ ਖ਼ਤਮ ਕਰ ਰਹੀ ਹੈ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਹੈ ਕਿ ਭਾਜਪਾ ਵੱਲੋਂ ਦੇਸ਼ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਵਿਰਾਸਤ ਨੂੰ ਖ਼ਤਮ ਕੀਤਾ ਜਾ ਰਿਹਾ ਅਤੇ ਆਮ ਆਦਮੀ ਪਾਰਟੀ ਵੱਲੋਂ ਇਸ ਨੂੰ ਪੰਜਾਬ ਵਿੱਚ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਜ ਇਥੇ ਸੈਕਟਰ-37 ਸਥਿਤ ਭੀਮ ਰਾਓ ਅੰਬੇਡਕਰ ਭਵਨ ਵਿੱਚ ਉਨ੍ਹਾਂ ਦੇ 69ਵੇਂ ਮਹਾਪ੍ਰੀਨਿਰਵਾਣ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਵੜਿੰਗ ਨੇ ਕਿਹਾ ਕਿ ਭਾਜਪਾ ਵੱਲੋਂ ਦੇਸ਼ ਵਿੱਚ ਸੰਵਿਧਾਨ ਨੂੰ ਬਦਲਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਦੋਂਕਿ ਕਾਂਗਰਸ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਰਾਜਾ ਵੜਿੰਗ ਨੇ ‘ਆਪ’ ’ਤੇ ਹਮਲਾ ਕਰਦਿਆਂ ਕਿਹਾ ਕਿ ‘ਆਪ’ ਵੱਲੋਂ ਲੋਕਾਂ ਨੂੰ ਲੁਭਾਉਣ ਲਈ ਡਾ. ਅੰਬੇਡਕਰ ਦੇ ਆਦਰਸ਼ਾਂ ਅਤੇ ਸਿੱਖਿਆਵਾਂ ਵੀ ਗੱਲ ਕੀਤੀ ਜਾਂਦੀ ਹੈ ਪਰ ‘ਆਪ’ ਉਨ੍ਹਾਂ ਵੱਲੋਂ ਦਿਖਾਏ ਰਾਹ ’ਤੇ ਨਹੀਂ ਚੱਲਦੀ ਹੈ। ‘ਆਪ’ ਵੱਲੋਂ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਾਉਣ ਦੀ ਡਰਾਮੇਬਾਜ਼ੀ ਕੀਤੀ ਗਈ ਹੈ, ਜਦੋਂ ਕਿ ‘ਆਪ’ ਨੇ ਸੰਵਿਧਾਨ ਦੇ ਉਲਟ ਜਾ ਕੇ ਕੰਮ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਵਿੱਚ ਸਰਕਾਰੀ ਮਸ਼ੀਨਰੀ ਤੇ ਪੁਲੀਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਜਦਕਿ ਬਾਬਾ ਸਾਹਿਬ ਅੰਬੇਡਕਰ ਦੇ ਪੈਰੋਕਾਰ ਅਜਿਹਾ ਕਦੇ ਨਹੀਂ ਕਰਨਗੇ, ਕਿਉਂਕਿ ਇਹ ਉੁਸ ਸੰਵਿਧਾਨ ਨੂੰ ਕਮਜ਼ੋਰ ਕਰਦਾ ਹੈ, ਜੋ ਉਨ੍ਹਾਂ ਨੇ ਸਾਨੂੰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸੱਤਾ ਵਿੱਚ ਹੋਵੇ ਜਾਂ ਵਿਰੋਧੀ ਧਿਰ ਵਿੱਚ, ਉਹ ਹਮੇਸ਼ਾ ਡਾ. ਭੀਮ ਰਾਓ ਅੰਬੇਡਕਰ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਦੀ ਹੈ ਅਤੇ ਵਿਰੋਧੀਆਂ ਤੋਂ ਇਸ ਦੀ ਰੱਖਿਆ ਵੀ ਕਰ ਰਹੀ ਹੈ। ਡਾ. ਅੰਬੇਡਕਰ ਵੱਲੋਂ ਲਿਖੇ ਸੰਵਿਧਾਨ ਵਿੱਚ ਸਾਰਿਆਂ ਨੂੰ ਬਰਾਬਰੀ ਦਾ ਅਧਿਕਾਰ ਦਿੱਤਾ ਗਿਆ ਹੈ ਪਰ ਕੁਝ ਲੋਕ ਲਗਾਤਾਰ ਸੰਵਿਧਾਨ ’ਤੇ ਹਮਲੇ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕਾਂਗਰਸ ਵੱਲੋਂ ਸੰਵਿਧਾਨ ’ਤੇ ਹਮਲਾ ਕਰਨ ਵਾਲਿਆਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਸੰਵਿਧਾਨ ਦੀ ਰੱਖਿਆ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ।

Scroll to Top