ਭਗਵੰਤ ਮਾਨ ਨੇ ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਲਈ ਭਾਜਪਾ ਨੂੰ ਘੇਰਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਦੇ ਪੱਧਰ ਲਈ ਦਿੱਲੀ ਵਿੱਚ ਕਾਬਜ਼ ਭਾਜਪਾ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਕਾਬਜ਼ ਭਾਜਪਾ ਸਰਕਾਰ ਵੱਲੋਂ ਹਰ ਵਾਰ ਦਿੱਲੀ ਵਿੱਚ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ, ਜਦੋਂ ਕਿ ਮੌਜੂਦਾ ਸਮੇਂ ਪੰਜਾਬ ਵਿੱਚ ਹਵਾ ਦੀ ਗੁਣਵੱਤਾ ਦਾ ਪੱਧਰ (ਏ ਕਿਊ ਆਈ) 70 ਤੋਂ 110 ਦੇ ਵਿਚਕਾਰ ਹੈ। ਦੂਜੇ ਪਾਸੇ ਦਿੱਲੀ ਵਿੱਚ ਹਾਲੇ ਵੀ ਹਵਾ ਦੀ ਗੁਣਵੱਤਾ ਦਾ ਪੱਧਰ (ਏ ਕਿਊ ਆਈ) 450 ਤੋਂ 500 ਦੇ ਵਿਚਕਾਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਹਮੇਸ਼ਾ ਕਿਹਾ ਜਾਂਦਾ ਹੈ ਕਿ ਪੰਜਾਬ ਦਾ ਧੂੰਆਂ ਦਿੱਲੀ ਜਾ ਰਿਹਾ ਹੈ, ਪਰ ਹੁਣ ਤਾਂ ਪੰਜਾਬ ਦਾ ਧੂੰਆਂ ਦਿੱਲੀ ਨਹੀਂ ਜਾ ਰਿਹਾ ਹੈ ਅਤੇ ਨਾ ਹੀ ਪੰਜਾਬ ਵਿੱਚ ਕੋਈ ਪਰਾਲੀ ਸਾੜੀ ਜਾ ਰਹੀ ਹੈ। ਇਸ ਦੇ ਬਾਵਜੂਦ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਬਹੁਤ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹਵਾ ਉੱਤਰ ਤੋਂ ਦੱਖਣ ਦੀ ਦਿਸ਼ਾ ਵੱਲ 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲੇ ਤਾਂ ਧੂੰਆਂ ਦਿੱਲੀ ਪਹੁੰਚ ਸਕਦਾ ਹੈ, ਪਰ ਜ਼ਿਆਦਾਰ ਹਵਾਂ ਪੱਛਮ ਤੋਂ ਪੂਰਵ ਦਿਸ਼ਾ ਵੱਲ ਚੱਲਦੀ ਹੈ। ਇਸ ਲਈ ਪੰਜਾਬ ਦਾ ਧੂੰਆਂ ਕਦੇ ਵੀ ਦਿੱਲੀ ਨਹੀਂ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਪਹਿਲਾਂ ਦੇ ਮੁਕਾਬਲੇ ਬਹੁਤ ਘੱਟ ਸਾਹਮਣੇ ਆਈਆਂ ਹਨ। ਇਸ ਲਈ ਦਿੱਲੀ ਵਿੱਚ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ ਕਰਨ ਵਾਲੇ ਕਿਸਾਨਾਂ ਨੂੰ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ। ਇਸ ਲਈ ਪੰਜਾਬ ਵਿੱਚ ਧਰਨੇ ਪ੍ਰਦਰਸ਼ਨ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਨਾਲ ਸਬੰਧਤ ਮੰਗਾਂ ਲਈ ਸੂਬਾ ਸਰਕਾਰ ਨਾਲ ਗੱਲਬਾਤ ਕਰ ਸਕਦੇ ਹਨ, ਪਰ ਕੇਂਦਰ ਦੀਆਂ ਮੰਗਾਂ ਲਈ ਪੰਜਾਬ ਦੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕਰਨ ਦਿੱਤਾ ਜਾਵੇਗਾ।

Scroll to Top