ਸਮਾਜਿਕ ਕਾਰਕੁਨਾਂ ਤੇ ਪੱਤਰਕਾਰਾਂ ਖ਼ਿਲਾਫ਼ ਕੇਸ ਵਿਰੁੱਧ ਪ੍ਰਦਰਸ਼ਨ

ਪੱਤਰਕਾਰਾਂ, ਆਰ ਟੀ ਆਈ ਕਾਰਕੁਨਾਂ ਤੇ ਸਮਾਜ ਸੇਵੀਆਂ ’ਤੇ ਦਰਜ ਕੇਸ ਖ਼ਿਲਾਫ਼ ਅੱਜ ਪਟਿਆਲਾ ਦੇ ਫੁਹਾਰਾ ਚੌਕ ਵਿੱਚ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ‘ਆਪ’ ਦੇ ਬੁੱਧੀਜੀਵੀ ਵਿੰਗ ਦੇ ਪ੍ਰਧਾਨ ਤੇ ਸਾਬਕਾ ਸੈਨਿਕ ਵਿੰਗ ਦੇ ਸਾਬਕਾ ਪ੍ਰਧਾਨ ਸੇਵਾਮੁਕਤ ਮੇਜਰ ਆਰ ਪੀ ਐੱਸ ਮਲਹੋਤਰਾ ਵੀ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਜੇ ਪੱਤਰਕਾਰਾਂ ਨੂੰ ਬੋਲਣ ਦਾ ਹੱਕ ਨਹੀਂ ਹੋਵੇਗਾ ਤਾਂ ਲੋਕਾਂ ਦੀ ਆਵਾਜ਼ ਕੌਣ ਉਠਾਵੇਗਾ। ਸ੍ਰੀ ਮਲਹੋਤਰਾ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਪੰਜਾਬ ਸਰਕਾਰ ਪੱਤਰਕਾਰਾਂ ਖ਼ਿਲਾਫ਼ ਅਜਿਹਾ ਕਦਮ ਚੁੱਕਣ ਤੋਂ ਗੁਰੇਜ਼ ਕਰੇਗੀ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਮੁੱਖ ਮੰਤਰੀ ਭਗਵੰਤ ਮਾਨ ਜਾਂ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਇਸ ਕੇਸ ਬਾਰੇ ਪਤਾ ਹੀ ਨਾ ਹੋਵੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਪੁਲੀਸ ਨੂੰ ਅਪੀਲ ਕਰਦੇ ਹਨ ਕਿ ਉਹ ਪੱਤਰਕਾਰਾਂ, ਬੁੱਧੀਜੀਵੀਆਂ ਤੇ ਸਮਾਜ ਸੇਵੀਆਂ ’ਤੇ ਅਜਿਹੇ ਹਮਲੇ ਨਾ ਕਰੇ। ਪ੍ਰਦਰਸ਼ਨ ’ਚ ਪੁੱਜੇ ਕਾਂਗਰਸ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਲੋਕਾਂ ਦੇ ਪੱਖ ਵਿੱਚ ਆਵਾਜ਼ ਬੁਲੰਦ ਕਰਨ ਵਾਲੇ ਪੱਤਰਕਾਰ ਅਜੇ ਜ਼ਿੰਦਾ ਹਨ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਅਤੇ ਬੋਲਣ ਦੀ ਆਜ਼ਾਦੀ ਸਦਕਾ ਹੀ ਭਾਰਤ ਲੋਕਤੰਤਰ ਹੋਣ ਦਾ ਦਮ ਭਰ ਸਕਦਾ ਹੈ। ਪੱਤਰਕਾਰਾਂ, ਸਮਾਜਿਕ ਤੇ ਆਰ ਟੀ ਆਈ ਕਾਰਕੁਨਾਂ ਖ਼ਿਲਾਫ਼ ਕੇਸ ਦਰਜ ਕਰਨਾ ਮੰਦਭਾਗਾ ਹੈ, ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਡਾ. ਗਾਂਧੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਖ਼ੁਦ ਆਰ ਟੀ ਆਈ ਕਾਰਕੁਨ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਮੌਜੂਦਾ ਹਾਲਾਤ ਚੰਗੇ ਨਹੀਂ ਹਨ। ਪੰਜਾਬ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ, ਮਿੰਟੂ ਗੁਰੂਸਰੀਆ ਤੇ ਮਾਨਿਕ ਗੋਇਲ ਸਣੇ 10 ਲੋਕਾਂ ’ਤੇ ਕੇਸ ਦਰਜ ਕਰਨਾ ਠੀਕ ਨਹੀਂ ਹੈ। ਸ੍ਰੀ ਗਾਂਧੀ ਨੇ ਕਿਹਾ ਕਿ ਇਹ ਕੋਈ ਅਪਰਾਧੀ ਨਹੀਂ ਹਨ, ਸਗੋਂ ਇਹ ਤਾਂ ਲੋਕਾਂ ਦੀ ਆਵਾਜ਼ ਬਣ ਰਹੇ ਹਨ। ਡਾ. ਗਾਂਧੀ ਨੇ ਕਿਹਾ ਕਿ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਠੀਕ ਨਹੀਂ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਮ ਲੋਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਥਾਂ ਸੂਬੇ ਦੇ ਹਾਲਾਤ ਠੀਕ ਕਰੇ।

Scroll to Top