ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਦੇ ਦੋਸ਼ ਹੇਠ 15 ਜਨਵਰੀ ਨੂੰ ਅਕਾਲ ਤਖ਼ਤ ਸਕੱਤਰੇਤ ’ਚ ਤਲਬ ਕੀਤਾ ਹੈ। ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਇਸ ਸਬੰਧੀ ਮੁੱਖ ਮੰਤਰੀ ਦੇ ਨਾਮ ਪੱਤਰ ਭੇਜ ਦਿੱਤਾ ਹੈ। ਪੱਤਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਅਕਾਲ ਤਖ਼ਤ ਦੀ ਸਰਵਉੱਚਤਾ, ਮਾਣ ਮਰਿਆਦਾ ਅਤੇ ਗੁਰੂ ਦੀ ਗੋਲਕ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਕੁਝ ਵੀਡੀਓ ਵੀ ਸਾਹਮਣੇ ਆਏ ਹਨ, ਜਿਸ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਨਾਲ ਉਹ ਇਤਰਾਜ਼ਯੋਗ ਐਕਸ਼ਨ ਕਰਦੇ ਦਿਖਾਈ ਦੇ ਰਹੇ ਹਨ। ਪੱਤਰ ’ਚ ਲਿਖਿਆ ਹੈ ਕਿ ਮੁੱਖ ਮੰਤਰੀ ਉੱਚ ਸੰਵਿਧਾਨਕ ਅਹੁਦੇ ’ਤੇ ਬੈਠੇ ਹਨ ਪਰ ਉਨ੍ਹਾਂ ਦਾ ਵਤੀਰਾ ਰਾਜ ਹੈਂਕੜ ਦਾ ਪ੍ਰਗਟਾਵਾ ਕਰਦਾ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੜਗੱਜ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਪਤਿਤ ਹੈ ਅਤੇ ਸਿੱਖ ਰਵਾਇਤ ਅਨੁਸਾਰ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਦੇ ਸਨਮੁਖ ਪੇਸ਼ ਨਹੀਂ ਕੀਤਾ ਜਾ ਸਕਦਾ ਹੈ। ਇਸ ਲਈ ਉਨ੍ਹਾਂ ਨੂੰ 15 ਜਨਵਰੀ ਨੂੰ ਨਿੱਜੀ ਤੌਰ ਉੱਤੇ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਸਿੱਖ ਰਹਿਤ ਮਰਯਾਦਾ ਨੂੰ ਚੁਣੌਤੀ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦਾ ਮਾਮਲਾ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਤਰਾਜ਼ਯੋਗ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ ਅਤੇ ਇਹ ਸਹੀ ਸਾਬਤ ਹੋਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਥੇਦਾਰ ਨੇ 2015 ਵਿੱਚ ਬਰਗਾੜੀ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ 2017 ਵਿੱਚ ਮੌੜ ਧਮਾਕੇ ਦੇ ਮਾਮਲਿਆਂ ਵਿੱਚ ਮੌਜੂਦਾ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਵੀ ਜਵਾਬ ਮੰਗਿਆ ਹੈ। ਉਨ੍ਹਾਂ ਸਰਕਾਰ ਨੂੰ ਸਵਾਲ ਕੀਤਾ ਕਿ ਇਨ੍ਹਾਂ ਮਾਮਲਿਆਂ ਵਿੱਚ ਗੁਰਮੀਤ ਰਾਮ ਰਹੀਮ, ਹਨੀਪ੍ਰੀਤ ਅਤੇ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਪੰਜਾਬ ’ਚ ਕਿਉਂ ਨਹੀਂ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਰਗਾੜੀ ਬੇਅਦਬੀ ਮਾਮਲੇ ਨੂੰ ਸਿਰਫ਼ ਸਿਆਸੀ ਤੌਰ ਉੱਤੇ ਵਰਤਿਆ ਅਤੇ ਉਹ ਇੱਕ ਧਿਰ ਬਣ ਕੇ ਸਾਧ ਨੂੰ ਬਚਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬੇਅਦਬੀ ਦੇ ਮਾਮਲਿਆਂ ਵਿੱਚ ਸਿੱਖਾਂ ਨੂੰ ਇਨਸਾਫ਼ ਦੇਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤਿੰਨ ਸਾਲ ਪਹਿਲਾਂ ਬਰਗਾੜੀ ਬੇਅਦਬੀ ਮਾਮਲੇ ਵਿੱਚ ਲੱਗੇ ਮੋਰਚੇ ਵਿਚ ਪਹੁੰਚ ਕੇ ਸੰਗਤ ਪਾਸੋਂ ਤਿੰਨ ਮਹੀਨਿਆਂ ਦਾ ਸਮਾਂ ਮੰਗਦਿਆਂ ਵਾਅਦਾ ਕੀਤਾ ਸੀ ਕਿ ਸਰਕਾਰ ਇਨਸਾਫ਼ ਦਿਵਾਏਗੀ ਪਰ ਹਾਲੇ ਤੱਕ ਇਨਸਾਫ਼ ਨਹੀਂ ਮਿਲਿਆ ਹੈ, ਇਸ ਸਬੰਧੀ ਸਮੁੱਚੇ ਤੱਥ ਇਕੱਤਰ ਕਰਕੇ ਸ੍ਰੀ ਸੰਧਵਾਂ ਪਾਸੋਂ ਵੀ ਜਵਾਬਤਲਬੀ ਕੀਤੀ ਜਾ ਸਕਦੀ ਹੈ।
