ਪਾਵਨ ਸਰੂਪ: ਦੂਜੇ ਦਿਨ ਪੰਜ ਜਣਿਆਂ ਦੇ ਬਿਆਨ ਦਰਜ

ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਮਾਮਲੇ ਵਿੱਚ ਅੱਜ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਅਤੇ ਚਾਰ ਹੋਰ ਮੁਲਾਜ਼ਮਾਂ ਦੇ ਬਿਆਨ ਦਰਜ ਕੀਤੇ ਗਏ। ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਸਮੇਤ ਇਹ ਸਾਰੇ ਵਿਅਕਤੀ ਆਪਣੇ ਬਿਆਨ ਦਰਜ ਕਰਵਾਉਣ ਵਾਸਤੇ ਪੁਲੀਸ ਕਮਿਸ਼ਨਰ ਦਫ਼ਤਰ ਪੁੱਜੇ ਸਨ। ਇਸ ਤੋਂ ਪਹਿਲਾਂ ਕੱਲ੍ਹ ਛੇ ਮੁਲਾਜ਼ਮਾਂ ਦੇ ਬਿਆਨ ਦਰਜ ਕੀਤੇ ਗਏ ਸਨ। ਐਡਵੋਕੇਟ ਸਿਆਲੀ ਨੇ ਦੱਸਿਆ ਕਿ ਲੰਘੀ 7 ਨਵੰਬਰ ਨੂੰ ਪੁਲੀਸ ਵੱਲੋਂ ਕੇਸ ਦਰਜ ਕੀਤਾ ਗਿਆ ਸੀ ਜਿਸ ਵਿੱਚ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਇਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਕੁਝ ਮੌਜੂਦਾ, ਕੁਝ ਸਾਬਕਾ ਮੁਲਾਜ਼ਮ ਤੇ ਹੋਰ ਵਿਅਕਤੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਇਨ੍ਹਾਂ ਤੋਂ ਇਲਾਵਾ ਕੁਝ ਹੋਰ ਅਜਿਹੇ ਮੁਲਾਜ਼ਮਾਂ ਨੂੰ ਸੰਮਨ ਕੀਤਾ ਗਿਆ ਸੀ ਜਿਨ੍ਹਾਂ ਦੇ ਬਿਆਨ ਬੀ ਐੱਨ ਐੱਸ ਦੀ ਧਾਰਾ 180 ਤਹਿਤ ਬਿਆਨ ਦਰਜ ਕੀਤੇ ਗਏ ਹਨ। ਐਡਵੋਟੇਕ ਸਿਆਲੀ ਨੇ ਦੱਸਿਆ ਕਿ ਅੱਜ ਬਿਆਨ ਦਰਜ ਕਰਵਾਉਣ ਵਾਲਿਆਂ ਵਿੱਚ ਚਾਰ ਮੁਲਾਜ਼ਮ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਇੱਕ ਸਾਬਕਾ ਮੁਲਾਜ਼ਮ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਮੁਲਾਜ਼ਮ ਸ਼੍ਰੋਮਣੀ ਕਮੇਟੀ ਦੇ ਪ੍ਰੈੱਸ ਵਿਭਾਗ ਨਾਲ ਸਬੰਧਤ ਹਨ, ਜਿੱਥੇ ਸਰੂਪਾਂ ਦੀ ਛਪਾਈ ਕੀਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਸ਼੍ਰੋਮਣੀ ਕਮੇਟੀ ਦੇ ਜਿਨ੍ਹਾਂ ਮੁਲਾਜ਼ਮਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਉਨ੍ਹਾਂ ਸਾਰਿਆਂ ਦੇ ਬਿਆਨ ਪਹਿਲਾਂ ਐਡਵੋਕੇਟ ਈਸ਼ਰ ਸਿੰਘ ਕਮਿਸ਼ਨ ਵੱਲੋਂ ਦਰਜ ਕੀਤੇ ਜਾ ਚੁੱਕੇ ਹਨ। ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਈਸ਼ਰ ਸਿੰਘ ਕਮਿਸ਼ਨ ਬਣਾਇਆ ਗਿਆ ਸੀ ਜਿਸ ਦੀ ਜਾਂਚ ਰਿਪੋਰਟ ਦੇ ਮੁਤਾਬਿਕ ਸ਼੍ਰੋਮਣੀ ਕਮੇਟੀ ਵੱਲੋਂ 16 ਮੁਲਾਜ਼ਮਾਂ ਤੇ ਹੋਰਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ।

2 thoughts on “ਪਾਵਨ ਸਰੂਪ: ਦੂਜੇ ਦਿਨ ਪੰਜ ਜਣਿਆਂ ਦੇ ਬਿਆਨ ਦਰਜ”

  1. Pingback: Mallorca Solarstrom

  2. Pingback: vídeo

Comments are closed.

Scroll to Top