ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣਾ ਚਾਹੁੰਦੀ ਹੈ ‘ਆਪ’: ਵੜਿੰਗ

ਯੂਥ ਕਾਂਗਰਸ ਪੰਜਾਬ ਦੇ ਸੂਬਾ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਇੱਥੇ ਤ੍ਰਿਪੜੀ ਖੇਤਰ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ। ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਕਿਹਾ ਕਿ ਭਾਜਪਾ ਸਰਕਾਰ ਨੇ ਭਾਰਤ ਦੀਆਂ ਸੰਵਿਧਾਨਕ ਇਕਾਈਆਂ ਨੂੰ ਢਾਹ ਲਾਈ ਹੈ, ਜਿਸ ਕਾਰਨ ਲੋਕ ਸਭਾ ਵਿੱਚ ਸਪੀਕਰ ਦੇ ਸੰਵਿਧਾਨਕ ਅਹੁਦੇ ’ਤੇ ਬੈਠੇ ਓਮ ਬਿਰਲਾ ਖ਼ਿਲਾਫ਼ ਵਿਰੋਧੀ ਧਿਰ ਵੱਲੋਂ ਬੇਭਰੋਸਗੀ ਦਾ ਮਤਾ ਲਿਆਉਣਾ ਪੈ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਾਜ਼ਿਸ਼ ਤਹਿਤ ਪੰਜਾਬ ਦੇ ਪਾਣੀਆਂ ਨੂੰ ‘ਆਪ’ ਸਰਕਾਰ ਹਰਿਆਣਾ ਨੂੰ ਦੇਣਾ ਚਾਹੁੰਦੀ ਹੈ। ਪੰਜਾਬ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਕੇ ਉਹ ਪੰਜਾਬ ਦੇ ਅਸਲ ਮੁੱਦਿਆਂ ਤੋਂ ਲੋਕਾਂ ਨੂੰ ਭਟਕਾ ਰਹੀ ਹੈ। ਸੂਬੇ ਵਿੱਚ ਵਿਗੜਦੀ ਕਾਨੂੰਨ ਦੀ ਸਥਿਤੀ ’ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਅਪਰਾਧੀਆਂ ਅਤੇ ਗੈਂਗਸਟਰਾਂ ਵੱਲੋਂ ਕਤਲ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰ ਇਸ ਮਾਮਲੇ ਵਿੱਚ ਬੇਖ਼ਬਰ ਦਿਖਾਈ ਦੇ ਰਹੀ ਹੈ। ਪਟਿਆਲਾ ਵਰਗੇ ਇਤਿਹਾਸਕ ਸ਼ਹਿਰ ਵਿੱਚ ਵੀ ਲੋਕ ਸ਼ਾਮ ਵੇਲੇ ਘਰੋਂ ਨਿਕਲਣ ਤੋਂ ਡਰਨ ਲੱਗੇ ਹਨ। ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ। ਗੈਂਗਸਟਰਾਂ ਦਾ ਰਾਜ ਹੈ, ਸ਼ਰ੍ਹੇਆਮ ਕਤਲ ਹੋ ਰਹੇ ਹਨ ਅਤੇ ਨਸ਼ਾ ਘਰ-ਘਰ ਪਹੁੰਚ ਚੁੱਕਾ ਹੈ। ਇਸ ਮੌਕੇ ਪੰਜਾਬ ਦੀ ਕੋ-ਇੰਚਾਰਜ ਹੀਨਾ ਕਾਵਰੇ, ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਹਰਦਿਆਲ ਕੰਬੋਜ, ਸਾਧੂ ਸਿੰਘ ਧਰਮਸੋਤ, ਗੋਪਾਲ ਸਿੰਗਲਾ ਤੇ ਸੰਜੀਵ ਸ਼ਰਮਾ ਬਿੱਟੂ ਆਦਿ ਮੌਜੂਦ ਸਨ।

Scroll to Top