ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਹੈ ਕਿ ਹੁਣ ਪੰਜਾਬ ਦੀ ਜਨਤਾ ਇਨ੍ਹਾਂ ਦੇ ਬਹਿਕਾਵੇ ਵਿੱਚ ਨਹੀਂ ਆਵੇਗੀ। ਬਲਾਕ ਸਮਿਤੀ ਮੈਂਬਰ ਮਨਜੀਤ ਸਿੰਘ ਲਵਲੀ ਤਲਵੰਡੀ ਅਤੇ ਇਕਬਾਲ ਸਿੰਘ ਮਝਫੂਗਵਾਲ ਨੂੰ ਸਨਮਾਨਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਹੁਣ ਚਾਹੇ ਪੰਜਾਬ ਦੇ ਲੋਕਾਂ ਦੇ ਘਰਾਂ ਵਿੱਚ ਸੋਨੇ ਦੀਆਂ ਇੱਟਾਂ ਹੀ ਕਿਉਂ ਨਾ ਲਗਵਾ ਦੇਵੇ, ਪਰ ਜਨਤਾ ਨੇ ਮਨ ਬਣਾ ਲਿਆ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਇੱਕ ਵੀ ਵੋਟ ਨਹੀਂ ਪਾਈ ਜਾਵੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਦੇ ਆਖਰੀ ਸਾਲ ਦੌਰਾਨ ਲੋਕਾਂ ਨੂੰ ਲੁਭਾਉਣ ਲਈ ਜੋ ਦਾਲ, ਤੇਲ, ਹਲਦੀ ਅਤੇ ਨਮਕ ਦਾ ਲਾਲਚ ਦਿੱਤਾ ਜਾ ਰਿਹਾ ਹੈ, ਉਸ ਨੂੰ ਪੰਜਾਬ ਦੀ ਜਨਤਾ ਕਦੇ ਸਵੀਕਾਰ ਨਹੀਂ ਕਰੇਗੀ। ਉਨ੍ਹਾਂ ਇਲਜ਼ਾਮ ਲਾਇਆ ਕਿ ਪਿਛਲੇ 4 ਸਾਲਾਂ ਵਿੱਚ ‘ਆਪ’ ਸਰਕਾਰ ਨੇ ਪੰਜਾਬ ਨੂੰ ਲੁੱਟ ਕੇ ਦਿੱਲੀ ਦੇ ਆਪਣੇ ਆਕਾਵਾਂ ਦੀਆਂ ਜੇਬਾਂ ਭਰਨ ਦਾ ਕੰਮ ਕੀਤਾ ਹੈ, ਜਿਸ ਬਾਰੇ ਪੰਜਾਬ ਦੇ ਲੋਕ ਭਲੀ-ਭਾਂਤ ਜਾਣੂ ਹੋ ਚੁੱਕੇ ਹਨ। ਸੂਬੇ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਿਅਕਤੀ ਡਰ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਘਰੋਂ ਨਿਕਲਣ ਵੇਲੇ ਵਿਅਕਤੀ ਇਹ ਸੋਚਦਾ ਹੈ ਕਿ ਉਹ ਰਾਤ ਨੂੰ ਸੁਰੱਖਿਅਤ ਵਾਪਸ ਆਵੇਗਾ ਜਾਂ ਨਹੀਂ, ਕਿਉਂਕਿ ਗੈਂਗਸਟਰਾਂ ਵੱਲੋਂ ਆਮ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਅਤੇ ਆਮ ਨਾਗਰਿਕ ਅੱਜ ਇਸ ਨਿਕੰਮੀ ਸਰਕਾਰ ਨੂੰ ਚਲਦਾ ਕਰਨ ਲਈ ਇੰਤਜ਼ਾਰ ਕਰ ਰਹੇ ਹਨ। ਸੁਖਬੀਰ ਬਾਦਲ ਨੇ ਭਰੋਸਾ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਨੂੰ ਸੂਬੇ ਦੀ ਕਮਾਨ ਸੌਂਪਣ ਲਈ ਤਿਆਰ ਬੈਠੀ ਹੈ। ਉਨ੍ਹਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਪੰਜਾਬ ਦੇ ਲੋਕਾਂ ਦਾ ਭਲਾ ਕਰ ਸਕਦਾ ਹੈ। ਉਨ੍ਹਾਂ ਪਾਰਟੀ ਵਰਕਰਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਜਿਹੜੇ ਵਰਕਰ ਦਿਨ-ਰਾਤ ਮਿਹਨਤ ਕਰ ਰਹੇ ਹਨ, ਸਰਕਾਰ ਬਣਨ ‘ਤੇ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।
