ਹੋਲਾ ਮਹੱਲਾ ਮੌਕੇ ਇਥੇ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਥਕ ਕਾਨਫਰੰਸ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਪੰਥਕ ਅਤੇ ਰਾਜਨੀਤਕ ਆਗੂਆਂ ਨੇ ਸ਼ਿਰਕਤ ਕਰਕੇ ਆਪਣੇ ਵਿਚਾਰ ਪ੍ਰਗਟ ਕੀਤੇ। ਕਾਨਫਰੰਸ ਵਿੱਚ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਦੀਆਂ ਪਾਰਟੀਆਂ ’ਤੇ ਤਿੱਖਾ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਪਾਰਟੀਆਂ ਪੰਜਾਬ ਦੇ ਹਿੱਤਾਂ ਦੀ ਸਹੀ ਤਰ੍ਹਾਂ ਨੁਮਾਇੰਦਗੀ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਸਲਿਆਂ ਦਾ ਹੱਲ ਸਿਰਫ਼ ਖੇਤਰੀ ਸੋਚ ਅਤੇ ਪੰਥਕ ਦ੍ਰਿਸ਼ਟੀਕੋਣ ਨਾਲ ਹੀ ਸੰਭਵ ਹੈ। ਉਨ੍ਹਾਂ ਪੁਨਰ ਸੁਰਜੀਤ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਉਮੀਦ ਮੁਤਾਬਕ ਸਹਿਯੋਗ ਨਾ ਮਿਲਣ ’ਤੇ ਨਾਰਾਜ਼ਗੀ ਵੀ ਜਤਾਈ। ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਸਪਸ਼ਟ ਕੀਤਾ ਕਿ ਉਹ ਰਾਜਨੀਤੀ ਵਿੱਚ ਪ੍ਰਵੇਸ਼ ਕਰਨ ਜਾਂ ਕੋਈ ਚੋਣ ਲੜਨ ਦੇ ਇਰਾਦੇ ਨਾਲ ਇੱਥੇ ਨਹੀਂ ਪਹੁੰਚੇ। ਹਾਲਾਂਕਿ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੇ ਲੋੜ ਪਈ ਤਾਂ ਉਹ ਗਿਆਨੀ ਰਘਬੀਰ ਸਿੰਘ ਨੂੰ ਨਾਮਜ਼ਦ ਕਰਨਗੇ। ਗਿਆਨੀ ਰਘਬੀਰ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਬਾਦਲ ਪਰਿਵਾਰ ’ਤੇ ਨਿਸ਼ਾਨੇ ਸੇਧਦਿਆਂ ਦੋਸ਼ ਲਗਾਇਆ ਕਿ ਪਿਛਲੇ ਸਮਿਆਂ ਵਿੱਚ ਪੰਥਕ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਇਆ ਗਿਆ। ਪੰਥਕ ਅਦਾਰਿਆਂ ਦੀ ਮਜ਼ਬੂਤੀ ਲਈ ਨਵੀਂ ਸੋਚ ਅਤੇ ਸਾਫ਼ ਨੀਤੀ ਦੀ ਲੋੜ ਹੈ। ਉਨ੍ਹਾਂ ਅਪੀਲ ਕੀਤੀ ਕਿ ਪੁਨਰ ਸੁਰਜੀਤ ਅਕਾਲੀ ਦਲ ਨੂੰ ਸਹਿਯੋਗ ਦੇ ਕੇ ਪੰਜਾਬ ਵਿੱਚ ਮਜ਼ਬੂਤ ਖੇਤਰੀ ਆਵਾਜ਼ ਖੜ੍ਹੀ ਕੀਤੀ ਜਾਵੇ। ਇਸ ਮੌਕੇ ਆਗੂਆਂ ਨੇ ਸ਼੍ਰੋਮਣੀ ਕਮੇਟੀ ਚੋਣਾਂ ਪਹਿਲ ਦੇ ਅਧਾਰ ’ਤੇ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਗੋਬਿੰਦ ਸਿੰਘ ਲੌਂਗੋਵਾਲ ਨੇ ਸੰਬੋਧਨ ਕਰਦਿਆਂ ਪੰਥਕ ਏਕਤਾ ਅਤੇ ਖੇਤਰੀ ਰਾਜਨੀਤੀ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਕੁਝ ਮਤੇ ਵੀ ਪਾਸ ਕੀਤੇ ਗਏ। ਇਸ ਪੰਥਕ ਕਾਨਫਰੰਸ ਵਿੱਚ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਕੁਝ ਹੋਰ ਆਗੂਆਂ ਦੀ ਗੈ਼ਰ ਹਾਜ਼ਰੀ ਰੜਕਦੀ ਰਹੀ ਤੇ ਇਸ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ‘‘ਅਸੀਂ ਫੈਸਲਾ ਲੈ ਚੁੱਕੇ ਹਾਂ ਤੇ ਹੁਣ ਅਸੀਂ ਪਿੱਛੇ ਮੁੜ ਕੇ ਨਹੀਂ ਦੇਖ ਰਹੇ, ਜੇਕਰ ਕੋਈ ਆਉਣਾ ਚਾਹੁੰਦਾ ਹੈ ਤਾਂ ਠੀਕ ਹੈ ਜੇ ਨਹੀਂ ਆਉਣਾ ਚਾਹੁੰਦਾ ਹੈ ਤਾਂ ਵੀ ਠੀਕ ਹੈ।’’
