ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ‘ਆਪ’ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ, ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀ ਪੀ ਐੱਫ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਪੰਜਾਬ ਭਰ ਦੀਆਂ ਮੁਲਾਜ਼ਮ, ਪੈਨਸ਼ਨਰਜ਼, ਅਧਿਆਪਕ, ਆਂਗਣਵਾੜੀ, ਠੇਕਾ ਮੁਲਾਜ਼ਮ, ਆਸ਼ਾ ਵਰਕਰ, ਮਿੱਡ-ਡੇਅ ਮੀਲ ਕਾਰਕੁਨਾਂ ਨੇ ਮੁਹਾਲੀ ਵਿੱਚ ਪ੍ਰਦਰਸ਼ਨ ਕੀਤਾ। ਸੈਂਕੜਿਆਂ ਦੀ ਗਿਣਤੀ ਵਿੱਚ ਆਏ ਧਰਨਾਕਾਰੀਆਂ ਵਿੱਚ ਵੱਡੀ ਗਿਣਤੀ ਮਹਿਲਾ ਮੁਲਾਜ਼ਮਾਂ, ਆਂਗਣਵਾੜੀ ਅਤੇ ਆਸ਼ਾ ਵਰਕਰ ਵੀ ਸ਼ਾਮਲ ਸਨ। ਉਨ੍ਹਾਂ ਨੂੰ ਪੁਲੀਸ ਨੇ ਚੰਡੀਗੜ੍ਹ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ। ਚੰਡੀਗੜ੍ਹ ਪੁਲੀਸ ਨੇ ਧਰਨਾਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਅਥਰੂ ਗੈਸ ਦੇ ਗੋਲੇ ਵੀ ਸੁੱਟੇ। ਇਸ ਨਾਲ ਕਈ ਮੁਲਾਜ਼ਮਾਂ ਦੀਆਂ ਪੱਗਾਂ ਲੱਥ ਗਈਆਂ, ਕਈਆਂ ਦੇ ਮੋਬਾਈਲ ਅਤੇ ਐਨਕਾਂ ਟੁੱਟ ਗਏ। ਕਈ ਮਹਿਲਾ ਧਰਨਾਕਾਰੀਆਂ ਅਤੇ ਹੋਰਨਾਂ ਨੂੰ ਸੱਟਾਂ ਵੀ ਲੱਗੀਆਂ ਹਨ। ਇਸ ਮੌਕੇ ਮੁਲਾਜ਼ਮਾਂ ਨੇ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਪਿਛਲੇ ਪਾਸੇ ਰੋਸ ਰੈਲੀ ਕੀਤੀ। ਧਰਨਾਕਾਰੀ ਬੁੜੈਲ ਜੇਲ੍ਹ ਵਾਲੀ ਸੜਕ ਤੋਂ ਚੰਡੀਗੜ੍ਹ ਵੱਲ ਰਵਾਨਾ ਹੋਏ। ਮੁਲਜ਼ਮ ਜਦੋਂ ਬੈਰੀਕੇਡ ਤੋੜ ਕੇ ਅੱਗੇ ਵਧੇ ਤਾਂ ਪੁਲੀਸ ਨੇ ਪਹਿਲਾਂ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਫਿਰ ਅੱਥਰੂ ਗੈਸ ਦੇ ਗੋਲੇ ਸੁੱਟ ਕੇ ਧਰਨਾਕਾਰੀਆਂ ਨੂੰ ਪਿੱਛੇ ਧੱਕ ਦਿੱਤਾ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ 9 ਮਾਰਚ ਨੂੰ ਮੁਹਾਲੀ ਦੇ ਫੇਜ਼ ਛੇ ਵਿੱਚ ਇਕੱਤਰ ਹੋ ਕੇ ਮੁੜ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ। ਸਾਰੇ ਦਫ਼ਤਰਾਂ ਵਿੱਚ ਕਲਮ ਛੋੜ ਹੜਤਾਲ ਕਰ ਕੇ ਕੰਮ ਬੰਦ ਕੀਤਾ ਜਾਵੇਗਾ।

Scroll to Top