ਕਿਸਾਨ ਮੋਰਚੇ ਵੱਲੋਂ ਅਮਰੀਕੀ ਸਮਝੌਤੇ ਵਿਰੁੱਧ ਸੰਘਰਸ਼ ਦਾ ਐਲਾਨ

ਸੰਯੁਕਤ ਕਿਸਾਨ ਮੋਰਚਾ ਨੇ ਅੱਜ ਬਰਨਾਲਾ ਦੀ ਦਾਣਾ ਮੰਡੀ ਵਿੱਚ ਵੱਡੀ ਰੈਲੀ ਕਰ ਕੇ ਭਾਰਤ ਸਰਕਾਰ ਵੱਲੋਂ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਨੂੰ ਖੇਤੀ ਅਤੇ ਕਿਸਾਨੀ ਲਈ ਤਬਾਹਕੁਨ ਕਰਾਰ ਦਿੱਤਾ ਤੇ ਇਸ ਵਿਰੁੱਧ ਡਟ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ। ਅੱਜ ਦੀ ਰੈਲੀ ਵਿੱਚ ਪੰਜਾਬ ਦੇ ਪਾਣੀ ਦੇ ਪਲੀਤ ਹੋਣ ਦੇ ਸਿੱਟੇ ਵਜੋਂ ਕੈਂਸਰ ਅਤੇ ਹੋਰ ਬਿਮਾਰੀਆਂ ਦਾ ਕਾਰਨ ਬਣਨ ਦੀਆਂ ਖ਼ਬਰਾਂ ’ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ਼ ਨਹਿਰੀ ਪਾਣੀ ਦੇਣ ਦੀ ਮੰਗ ’ਤੇ ਲੋਕ ਲਹਿਰ ਉਸਾਰਨ ਦਾ ਅਹਿਦ ਵੀ ਕੀਤਾ ਗਿਆ। ਇਸ ਤੋਂ ਇਲਾਵਾ ਕਿਸਾਨਾਂ-ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ, ਤਜਵੀਜ਼ਤ ਲੋਕ ਵਿਰੋਧੀ ਬਿਜਲੀ ਤੇ ਬੀਜ ਬਿੱਲ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ’ਤੇ ਫ਼ਸਲਾਂ ਦੀ ਖਰੀਦ ਦਾ ਗਾਰੰਟੀ ਕਾਨੂੰਨ ਬਣਾਉਣ ਵਰਗੇ ਮੁੱਦੇ ਵੀ ਉਭਾਰੇ ਗਏ। ਇਨ੍ਹਾਂ ਮੰਗਾਂ ਤੇ ਮਸਲਿਆਂ ਲਈ ਭਵਿੱਖ ਵਿੱਚ ਮੋਰਚਾ ਲਾਉਣ ਲਈ ਜਨਤਕ ਲਾਮਬੰਦੀ ਦੀ ਮੁਹਿੰਮ ਤੇਜ਼ ਕਰਨ ਦਾ ਐਲਾਨ ਵੀ ਕੀਤਾ ਗਿਆ। ਬੁਲਾਰਿਆਂ ਨੇ ਕੇਂਦਰੀ ਵਣਜ ਮੰਤਰੀ ਪਿਊਸ਼ ਗੋਇਲ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਮਝੌਤੇ ’ਤੇ ਦਸਤਖ਼ਤ ਨਾ ਕਰਨ ਦੀ ਮੰਗ ਕਰਦਿਆਂ ਇਸ ਵਿਰੁੱਧ ਡਟ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ। ਮੰਚ ਤੋਂ ਐਲਾਨ ਕੀਤਾ ਗਿਆ ਕਿ ਜਿਸ ਦਿਨ ਬਿਜਲੀ ਬਿੱਲ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ, ਉਸ ਤੋਂ ਅਗਲਾ ਦਿਨ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ। ਸੰਘਰਸ਼ ਦੀ ਵਿਉਂਤਬੰਦੀ ਕਰਨ ਲਈ 12 ਮਾਰਚ ਨੂੰ ਕਿਸਾਨ ਭਵਨ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਗਈ ਹੈ। ਤਰਨ ਤਾਰਨ ਵਿੱਚ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਜ਼ਮੀਨ ਪੁੱਡਾ ਨੂੰ ਟਰਾਂਸਫਰ ਕਰਨ ਵਿਰੁੱਧ ਮਤਾ ਪਾਸ ਕੀਤਾ ਗਿਆ। ਇਕੱਠ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪੁਲੀਸ ਰਾਜ ਬਣਾਉਣ ਦੀਆਂ ਕਾਰਵਾਈਆਂ ਖ਼ਿਲਾਫ਼ ਨਿਖੇਧੀ ਮਤਾ ਪਾਸ ਕੀਤਾ। ਬੁਲਾਰਿਆਂ ਨੇ ਸੰਘਰਸ਼ਾਂ ਦੌਰਾਨ ਜੇਲ੍ਹੀਂ ਡੱਕੇ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਕੱਠ ਨੇ ਮੰਗ ਕੀਤੀ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਆਦੀਆਂ ਦੇ ਨੌਜਵਾਨ ਰਣਜੀਤ ਸਿੰਘ ਦੇ ਫ਼ਰਜ਼ੀ ਮੁਕਾਬਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਪੁਲੀਸ ਅਧਿਕਾਰੀਆਂ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ ਜਾਵੇ। ਰੈਲੀ ਨੂੰ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿੱਲ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਮਨਜੀਤ ਸਿੰਘ ਧਨੇਰ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਸ਼ਾਦੀਪੁਰ, ਡਾ. ਸਤਨਾਮ ਸਿੰਘ ਅਜਨਾਲਾ, ਜੰਗਵੀਰ ਸਿੰਘ ਚੌਹਾਨ, ਹਰਜਿੰਦਰ ਸਿੰਘ ਟਾਂਡਾ, ਪ੍ਰੇਮ ਸਿੰਘ ਭੰਗੂ, ਮਲੂਕ ਸਿੰਘ ਹੀਰਕੇ, ਜਗਸੀਰ ਸਿੰਘ ਛੀਨੀਵਾਲ, ਬਲਵਿੰਦਰ ਸਿੰਘ ਰਾਜੂਔਲਖ, ਅਵਤਾਰ ਸਿੰਘ ਮਹਿਮਾ, ਨਛੱਤਰ ਸਿੰਘ ਜੈਤੋ, ਬਲਵਿੰਦਰ ਸਿੰਘ ਮੱਲੀਨੰਗਲ, ਲਖਨਪਾਲ ਸ਼ਰਮਾ, ਸੁਖਦੇਵ ਸਿੰਘ ਅਰਾਈਆਂਵਾਲਾ, ਕੰਵਲਪ੍ਰੀਤ ਸਿੰਘ ਪੰਨੂ, ਬਲਜੀਤ ਸਿੰਘ ਗਰੇਵਾਲ, ਹਰਦੇਵ ਸਿੰਘ ਸੰਧੂ, ਪਵਿੱਤਰ ਸਿੰਘ ਲਾਲੀ, ਬੋਘ ਸਿੰਘ ਮਾਨਸਾ, ਕਿਰਨਜੀਤ ਸਿੰਘ ਸੇਖੋਂ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਜਗਮੋਹਨ ਸਿੰਘ, ਡਾ. ਦਰਸ਼ਨਪਾਲ, ਨਿਰਭੈ ਸਿੰਘ ਢੁੱਡੀਕੇ, ਰਮਿੰਦਰ ਸਿੰਘ ਪਟਿਆਲਾ, ਪ੍ਰਸ਼ੋਤਮ ਸਿੰਘ ਚੀਮਾ, ਅੰਗਰੇਜ਼ ਸਿੰਘ ਭਦੌੜ, ਬਲਕਰਨ ਸਿੰਘ ਬਰਾੜ, ਸ਼ਿੰਗਾਰਾ ਸਿੰਘ ਮਾਨ ਤੇ ਪ੍ਰਿਤਪਾਲ ਸਿੰਘ ਗੁਰਾਇਆ ਆਦਿ ਵੀ ਹਾਜ਼ਰ ਸਨ।

Scroll to Top