ਸਰਕਾਰਾਂ ਦਾ ਕਿਸਾਨੀ ਮਸਲਿਆਂ ਪ੍ਰਤੀ ਹੇਜ ਅਖੌਤੀ: ਡੱਲੇਵਾਲ

ਦੇਸ਼ ਦੇ ਕਿਸਾਨੀ ਮੁੱਦਿਆਂ ਅਤੇ ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ 7 ਫਰਵਰੀ ਨੂੰ ਕੰਨਿਆਕੁਮਾਰੀ ਤੋਂ ਚੱਲੀ ‘ਕਿਸਾਨ ਜਾਗ੍ਰਿਤੀ ਯਾਤਰਾ’ ਅੱਜ ਮੁਕੇਰੀਆਂ ਪੁੱਜੀ। ਸਿੱਖ ਸਦਭਾਵਨਾ ਦਲ ਦੇ ਪੰਜਾਬ ਪ੍ਰਧਾਨ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਕਿਸਾਨਾਂ ਨੇ ਇਸ ਯਾਤਰਾ ਦਾ ਨਿੱਘਾ ਸਵਾਗਤ ਕੀਤਾ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਚੱਲ ਰਹੀ ਇਸ ਯਾਤਰਾ ਵਿੱਚ ਭਾਈ ਬਲਦੇਵ ਸਿੰਘ ਵਡਾਲਾ, ਬਲਦੇਵ ਸਿੰਘ ਸਿਰਸਾ, ਕਾਕਾ ਸਿੰਘ ਕੋਟੜਾ ਅਤੇ ਅਭਿਮੰਨਿਊ ਕੋਹਾੜ ਸਮੇਤ ਕਈ ਆਗੂ ਸ਼ਾਮਲ ਸਨ। ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰਾਂ ਕਿਸਾਨਾਂ ਨਾਲ ਹੇਜ ਜਤਾਉਣ ਦਾ ਮਹਿਜ਼ ਦਿਖਾਵਾ ਕਰਦੀਆਂ ਹਨ, ਜਦਕਿ ਉਨ੍ਹਾਂ ਦੀਆਂ ਨੀਤੀਆਂ ਹਮੇਸ਼ਾ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਹੁੰਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ, ਫਸਲ ਬੀਮਾ ਯੋਜਨਾ ਵਿੱਚ ਸੁਧਾਰ ਲਿਆਂਦਾ ਜਾਵੇ ਅਤੇ ਗੰਨੇ ਦਾ ਭਾਅ 600 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ। ਆਗੂਆਂ ਨੇ ਸਾਲ 1994 ਵਿੱਚ ਹੋਏ ‘ਗੈਟ’ ਸਮਝੌਤੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਭਾਰਤੀ ਕਿਸਾਨਾਂ ਨੂੰ ਅਜਿਹੇ ਸਮਝੌਤਿਆਂ ਕਾਰਨ ਭਾਰੀ ਨੁਕਸਾਨ ਝੱਲਣਾ ਪਿਆ ਹੈ। ਡੱਲੇਵਾਲ ਅਤੇ ਹੋਰ ਆਗੂਆਂ ਨੇ ਐਲਾਨ ਕੀਤਾ ਕਿ 19 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ ‘ਕਿਸਾਨ ਮਹਾਪੰਚਾਇਤ’ ਸਰਕਾਰਾਂ ਦੇ ਕਿਸਾਨ ਵਿਰੋਧੀ ਫੈਸਲਿਆਂ ਨੂੰ ਮੋੜਾ ਦੇਵੇਗੀ। ਉਨ੍ਹਾਂ ਕਿਸਾਨਾਂ ਨੂੰ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਭਾਰਤ-ਅਮਰੀਕਾ ਵਪਾਰਕ ਸਮਝੌਤਿਆਂ ਦਾ ਵੀ ਸਖ਼ਤ ਵਿਰੋਧ ਕਰਨ ਦਾ ਸੱਦਾ ਦਿੱਤਾ।

Scroll to Top