ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਚੱਲਦੇ ਬਣੇ ਸ਼ਾਹ: ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਮੁੱਖ ਮਸਲਿਆਂ ਦਾ ਕੋਈ ਹੱਲ ਨਾ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨਾਲ ਲਗਾਤਾਰ ਪੱਖਪਾਤ ਕਰ ਰਹੀ ਹੈ, ਸੂਬੇ ਦੇ ਹੱਕੀ ਫੰਡ ਰੋਕ ਰਹੀ ਹੈ, ਕਿਸਾਨਾਂ ਦੀਆਂ ਮੰਗਾਂ ਨੂੰ ਅਣਡਿੱਠ ਕਰ ਰਹੀ ਹੈ ਅਤੇ ਸੂਬੇ ਤੋਂ ਬਾਹਰ ਜ਼ਬਤ ਕੀਤੀਆਂ ਨਸ਼ੇ ਦੀਆਂ ਵੱਡੀਆਂ ਖੇਪਾਂ ’ਤੇ ਕਾਰਵਾਈ ਨਹੀਂ ਕਰ ਰਹੀ ਬਲਕਿ ਪੰਜਾਬ ਨੂੰ ਬਦਨਾਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਨਸ਼ਿਆਂ ’ਤੇ ਕਾਬੂ ਪਾਉਣ, ਅਰਥਵਿਵਸਥਾ ਮਜ਼ਬੂਤ ਕਰਨ ਅਤੇ ਨਿਵੇਸ਼ ਖਿੱਚਣ ਲਈ ਢੁੱਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਉਦਯੋਗ ਜਗਤ ਵੱਲੋਂ ਵੱਡਾ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਘੱਟੋ-ਘੱਟ ਸਮਰਥਨ ਮੁੱਲ, ਕਰਜ਼ਾ ਮੁਆਫ਼ੀ ਜਾਂ ਵਿਸ਼ੇਸ਼ ਪੈਕੇਜ ਬਾਰੇ ਗੱਲ ਕਰਨਗੇ, ਪਰ ਉਹ ਸਿਰਫ਼ ਪੰਜਾਬੀਆਂ ਨੂੰ ‘ਮੰਦਾ-ਚੰਗਾ ਬੋਲ ਕੇ’ ਚਲੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਦੇ ਆਰ ਡੀ ਐੱਫ ਅਤੇ ਜੀ ਐੱਸ ਟੀ ਫੰਡ ਰੋਕ ਦਿੱਤੇ ਹਨ ਅਤੇ ਅਜੇ ਤੱਕ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਵੀ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਾਜਪਾ ਸਰਕਾਰ ਨੇ ਗੁਜਰਾਤ ਜੇਲ੍ਹ ਵਿੱਚ ਪਨਾਹ ਦਿੱਤੀ ਹੋਈ ਹੈ ਅਤੇ ਉਸ ਨੂੰ ਪੰਜਾਬ ਲਿਆਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ। ਪੰਜਾਬ ਸਰਕਾਰ ਨੇ ਸੂਬੇ ਦੇ 65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਸਮਝੌਤਾ ਕਿਸਾਨਾਂ ’ਤੇ ਮਾੜਾ ਪ੍ਰਭਾਵ ਪਾ ਸਕਦਾ ਹੈ।

Scroll to Top