ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ-ਸੁਖਬੀਰ ਬਾਦਲ ਲਿਆਓ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਦੀ ਕੂੰਮਕਲਾਂ ਅਨਾਜ ਮੰਡੀ ਵਿੱਚ ਰੈਲੀ ਕੀਤੀ ਗਈ। ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ ਇਸ ਰੈਲੀ ਵਿੱਚ ਪੁੱਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਪੈਨਸ਼ਨਰਾਂ ਦਾ ਡੀ ਏ ਅਤੇ ਬਕਾਇਆ ਪੈਨਸ਼ਨ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਦਾ ਉਹ ਸਵਾਗਤ ਕਰਦੇ ਹਨ। ਉਨ੍ਹਾਂ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸਰਕਾਰ ਨੂੰ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਖਰਚਣ ਦੀ ਬਜਾਏ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣਾ ਚਾਹੀਦਾ ਹੈ। ਮੌਜੂਦਾ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਵਿੱਚ ਡੋਬ ਦਿੱਤਾ ਹੈ, ਇਸ ਲਈ ਸੂਬਾ ਬਚਾਉਣ ਲਈ ਲੋਕਾਂ ਨੂੰ ਅਕਾਲੀ ਦਲ ਦੀ ਸਰਕਾਰ ਲਿਆਉਣੀ ਚਾਹੀਦੀ ਹੈ। ਇਸ ਮੌਕੇ ਸਾਬਕਾ ਮੰਤਰੀ ਅਤੇ ਹਲਕਾ ਸਾਹਨੇਵਾਲ ਦੇ ਇੰਚਾਰਜ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਹਲਕੇ ਵਿੱਚ ਮੱਤੇਵਾੜਾ ਪੁਲ, ਕੂੰਮਕਲਾਂ ਹਸਪਤਾਲ, ਨਵੀਆਂ ਸੜਕਾਂ, ਸੀਵਰੇਜ ਸਿਸਟਮ ਅਤੇ ਸਾਹਨੇਵਾਲ ਦੇ ਰੇਲਵੇ ਪੁਲ ਵਰਗੇ ਅਹਿਮ ਵਿਕਾਸ ਕਾਰਜ ਕਰਵਾਏ ਗਏ ਸਨ, ਜਿਨ੍ਹਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ 5 ਸਾਲ ਅਤੇ ‘ਆਪ’ ਦੇ 4 ਸਾਲਾਂ ਦੌਰਾਨ ਹਲਕਾ ਵਿਕਾਸ ਪੱਖੋਂ ਪਛੜ ਗਿਆ ਹੈ। ਨੌਜਵਾਨ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਰੈਲੀ ਦੀ ਸਫਲਤਾ ਲਈ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਕੇ ਐੱਸ ਮੱਖਣ ਅਤੇ ਜਥੇਦਾਰ ਗੁਰਚਰਨ ਸਿੰਘ ਮੇਹਰਬਾਨ ਵੀ ਮੌਜੂਦ ਸਨ।
