ਆਪ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ ਨੂੰ ਪੂਰਾ ਨਾ ਕਰਨ ਦਾ ਦੋਸ਼ ਲਗਾਉਂਦਿਆਂ ਕਾਂਗਰਸ ਪਾਰਟੀ ਹਲਕਾ ਪੱਟੀ ਵੱਲੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਐੱਸਡੀਐੱਮ ਦਫ਼ਤਰ ਪੱਟੀ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਹਲਕਾ ਕਾਂਗਰਸ ਵੱਲੋਂ ਮਨਰੇਗਾ ਕਾਨੂੰਨ ਦੀ ਬਹਾਲੀ, ਲਾਅ ਯੂਨੀਵਰਸਿਟੀ ਕੈਰੋਂ ਨੂੰ ਬਣਾਉਣ ਅਤੇ ਔਰਤਾਂ ਨੂੰ 48000 ਰੂਪਏ ਬਕਾਇਆ ਰਾਸ਼ੀ ਦੇਣ ਲਈ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਰੋਸ ਧਰਨੇ ਦੌਰਾਨ ਸਾਬਕਾ ਵਿਧਾਇਕ ਗਿੱਲ ਨੇ ਕਿਹਾ ਕਿ ਆਪ ਪਾਰਟੀ ਵੱਲੋਂ 2022 ਦੀਆਂ ਚੋਣਾਂ ਦੋਰਾਨ ਔਰਤਾਂ ਨੂੰ 1000 ਪ੍ਰਤੀ ਮਹੀਨਾ ਦੇਣ ਦੀ ਗਰੰਟੀ ਦੇ ਕੇ ਵੋਟਾਂ ਲੈ ਲਈਆਂ ਸਨ। ਹੁਣ ਚਾਰ ਸਾਲ ਬੀਤਣ ਤੋਂ ਬਾਅਦ 2027 ਦੀਆਂ ਚੋਣਾਂ ਨੂੰ ਵੇਖਦਿਆਂ ਪੰਜਾਬ ਦੀਆਂ ਐੱਸ.ਸੀ. ਔਰਤਾਂ ਨੂੰ 1500 ਅਤੇ ਜਰਨਲ ਵਰਗ ਨੂੰ 1000 ਰੁਪਏ ਦੇਣ ਦਾ ਐਲਾਨ ਕਰਕੇ ਸਿਆਸੀ ਡਰਾਮਾ ਰਚਿਆ ਹੈ ਜਦੋਂ ਕਿ ਭਗਵੰਤ ਮਾਨ ਸਰਕਾਰ ਨੂੰ ਚਾਹੀਦਾ ਹੈ ਕਿ ਚਾਰ ਸਾਲਾਂ ਦੀ ਬਕਾਇਆ ਰਾਸ਼ੀ 48000 ਰੁਪਏ ਔਰਤਾਂ ਨੂੰ ਤਰੁੰਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਆਮ ਜਨਤਾ ਅਤੇ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਨਹੀਂ ਕੀਤੀ ਜਿਸ ਕਰਕੇ ਪੰਜਾਬ ਦੇ ਲੋਕ ਕਾਂਗਰਸ ਪੱਖੀ ਬਦਲ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਰੂਪ-ਰੇਖਾ ਬਦਲ ਕੇ ਪਿੰਡਾਂ ਦੇ ਵਿਕਾਸ ਨੂੰ ਤਾਲਾ ਲਗਾ ਦਿੱਤਾ ਹੈ ਅਤੇ ਮਜ਼ਦੂਰ ਵਰਗ ਦੀ ਬੇਕਦਰੀ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੱਟੀ ਹਲਕੇ ਦੇ ਪਿੰਡ ਕੈਰੋਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਸਟੇਟ ਲਾਅ ਯੂਨੀਵਰਸਿਟੀ ਨੂੰ ਬਣਾਉਣ ਦਾ ਕੰਮ ਸਿਆਸੀ ਈਰਖਾ ਤਹਿਤ ਰੋਕਿਆ ਗਿਆ ਹੈ। ਇਸ ਮੌਕੇ ਸੁਖਵਿੰਦਰ ਸਿੰਘ ਸਿੱਧੂ, ਹਰਜਿੰਦਰ ਸਿੰਘ ਬੋਬੀ, ਕੋਂਸਲਰ ਸੁਰਜੀਤ ਸਿੰਘ ਤੇ ਸੁਖਵਿੰਦਰ ਸਿੰਘ ਸੰਗਵਾ ਅਤੇ ਦਲਬੀਰ ਸਿੰਘ ਸੇਖੋਂ ਆਦਿ ਕਾਂਗਰਸ ਆਗੂ ਤੇ ਵਰਕਰ ਹਾਜ਼ਰ ਸਨ।
