ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਅੱਜ ਮੱਤੇਵਾੜਾ ਵਿੱਚ ‘ਪੰਥ ਬਚਾਓ, ਪੰਜਾਬ ਬਚਾਓ’ ਮਾਲਵਾ ਪੰਥਕ ਕਾਨਫਰੰਸ ਕਰਵਾਈ। ਇਸ ਕਾਨਫਰੰਸ ਵਿੱਚ ਸਾਹਨੇਵਾਲ ਅਤੇ ਮਾਛੀਵਾੜਾ ਇਲਾਕੇ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਦਾ ਡਿਬਰੂਗੜ੍ਹ ਜੇਲ੍ਹ ਤੋਂ ਭੇਜਿਆ ਗਿਆ ਵਿਸ਼ੇਸ਼ ਸੰਦੇਸ਼ ਪਰਮਜੀਤ ਸਿੰਘ ਜੌਹਲ ਨੇ ਪੜ੍ਹ ਕੇ ਸੁਣਾਇਆ। ਆਪਣੇ ਸੰਦੇਸ਼ ਵਿੱਚ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਿੱਖ ਕੌਮ ਅਤੇ ਪੰਜਾਬ ਦੀ ਹੋਂਦ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਨੌਜਵਾਨ ਆਪਣੇ ਆਪ ਨੂੰ ਅੰਮ੍ਰਿਤਪਾਲ ਸਮਝੇ ਅਤੇ ਨਸ਼ਿਆਂ ਦੇ ਖਾਤਮੇ ਲਈ ਲੜਾਈ ਜਾਰੀ ਰੱਖੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਜੇਲ੍ਹ ਵਿੱਚ ਰੱਖ ਕੇ ਸਰੀਰਕ ਨੁਕਸਾਨ ਪਹੁੰਚਾਉਣ ਦੀਆਂ ਸਾਜ਼ਿਸ਼ਾਂ ਰਚ ਰਹੀਆਂ ਹਨ, ਪਰ ਉਹ ਝੁਕਣਗੇ ਨਹੀਂ। ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਇਹ ਸੰਦੇਸ਼ ਪ੍ਰਵਾਨ ਕੀਤਾ। ਪਾਰਟੀ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਨ ਵਾਲਿਆਂ ਨੂੰ ਜੇਲ੍ਹਾਂ ਮਿਲਦੀਆਂ ਹਨ, ਜਦਕਿ ਸਰਕਾਰਾਂ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰ ਰਹੀਆਂ ਹਨ। ਉਨ੍ਹਾਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ। ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਕਾਂਗਰਸ, ਭਾਜਪਾ, ਅਕਾਲੀ ਦਲ (ਬਾਦਲ) ਅਤੇ ‘ਆਪ’ ਪੰਜਾਬ ਦੀ ਬਰਬਾਦੀ ਲਈ ਬਰਾਬਰ ਦੇ ਜ਼ਿੰਮੇਵਾਰ ਹਨ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੁਹਰਾਈ। ਬਾਬੂ ਸਿੰਘ ਬਰਾੜ ਅਤੇ ਕਾਬਲ ਸਿੰਘ ਨੇ ਨੌਜਵਾਨਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਬਾਬਾ ਰਾਜਾ ਰਾਜ ਸਿੰਘ, ਅਮਰਜੀਤ ਸਿੰਘ ਵਿੰਨਝੜੀ, ਹਰਭਜਨ ਸਿੰਘ ਤੁੜ, ਬੀਬੀ ਬਲਵਿੰਦਰ ਕੌਰ, ਲਖਬੀਰ ਸਿੰਘ ਸੋਟੀ, ਬੀਬੀ ਸਤਨਾਮ ਕੌਰ ਆਦਿ ਨੇ ਸੰਬੋਧਨ ਕੀਤਾ।
