ਨਸ਼ੇ ਤੇ ਗੈਂਗਸਟਰਵਾਦ ਲਈ ਸਰਕਾਰ ਜ਼ਿੰਮੇਵਾਰ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਥੀਨ ਡੈਮ ’ਤੇ 50 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨਾਲ ਆਧੁਨਿਕ ਸੈਰ ਸਪਾਟਾ ਕੇਂਦਰ ਵਿਕਸਤ ਕੀਤਾ ਜਾਵੇਗਾ। ਉਹ ਇੱਥੇ ‘ਪੰਜਾਬ ਬਚਾਓ ਮੁਹਿੰਮ’ ਤਹਿਤ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਹੇਠ ਕਰਵਾਈ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸੂਬੇ ਵਿੱਚ ਵਧ ਰਹੀਆਂ ਫਿਰੌਤੀਆਂ, ਨਸ਼ੇ ਅਤੇ ਗੈਂਗਸਟਰਵਾਦ ਲਈ ਮੌਜੂਦਾ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਲੋਕਾਂ ਨੂੰ ਦਿੱਲੀ ਆਧਾਰਿਤ ਪਾਰਟੀਆਂ ਨੂੰ ਨਕਾਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਰਾਜਧਾਨੀ ਨਹੀਂ ਦਿੱਤੀ, ਰਿਪੇਰੀਅਨ ਕਾਨੂੰਨ ਦੇ ਉਲਟ ਅੱਧੇ ਦਰਿਆਈ ਪਾਣੀ ਖੋਹ ਕੇ ਰਾਜਸਥਾਨ ਨੂੰ ਦੇ ਦਿੱਤੇ ਅਤੇ 1966 ਵਿੱਚ ਪੰਜਾਬ ਦੇ ਪੁਨਰਗਠਨ ਵੇਲੇ ਪੰਜਾਬੀ ਬੋਲਦੇ ਇਲਾਕੇ ਵੀ ਸੂਬੇ ਤੋਂ ਬਾਹਰ ਰੱਖੇ ਗਏ। ਅਕਾਲੀ ਦਲ ਦੇ ਪ੍ਰਧਾਨ ਨੇ ਵਾਅਦਾ ਕੀਤਾ ਕਿ ਸੂਬੇ ਦੀ ਸਰਹੱਦੀ ਪੱਟੀ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਪੈਕੇਜ ਦਿੱਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਕਾਰੋਬਾਰ ਲਈ 10 ਲੱਖ ਰੁਪਏ ਦਾ ਵਿਆਜ ਮੁਕਤ ਕਰਜ਼ਾ ਮਿਲੇਗਾ। ਇਸ ਤੋਂ ਇਲਾਵਾ ਆਟਾ-ਦਾਲ ਸਕੀਮ ਦਾ ਵਿਸਥਾਰ ਕਰਨ, ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਅਤੇ ਸ਼ਗਨ ਸਕੀਮ ਦੀ ਰਾਸ਼ੀ 1 ਲੱਖ ਰੁਪਏ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਬਲਬੀਰ ਸਿੰਘ ਬਾਠ, ਹੀਰਾ ਸਿੰਘ ਗਾਬੜੀਆ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ ਅਤੇ ਸੋਨੂੰ ਲੰਗਾਹ ਨੇ ਵੀ ਵਿਚਾਰ ਸਾਂਝੇ ਕੀਤੇ।

Scroll to Top