ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਅਕਾਲੀ ਦਲ ਦੀਆਂ ਸਰਕਾਰਾਂ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਨੂੰ ਆਪਣੀਆਂ ਸਕੀਮਾਂ ਦੱਸ ਕੇ ਗੁਜਰਾਤ ਵਿਚ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਗੁਮਰਾਹ ਕਰਨ ਦਾ ਯਤਨ ਕਰ ਰਹੀ ਹੈ। ਉਹ ਇੱਥੇ ਪਾਰਟੀ ਦੇ ਸੀਨੀਅਰ ਆਗੂ ਗੁਰਬਚਨ ਸਿੰਘ ਬੱਬੇਹਾਲੀ ਦੀ ਮੌਜੂਦਗੀ ਵਿਚ ‘ਪੰਜਾਬ ਬਚਾਓ’ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ‘ਆਪ’ ਨੇਤਾ ਕਹਿ ਰਹੇ ਹਨ ਕਿ ਪੰਜਾਬ ਵਿਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣਾ ਸ਼ੁਰੂ ਕੀਤਾ ਗਿਆ ਹੈ ਜਦਕਿ ਅਸਲੀਅਤ ਇਹ ਹੈ ਕਿ ਹਾਲੇ ਤੱਕ ਇਹ ਸਕੀਮ ਸ਼ੁਰੂ ਵੀ ਨਹੀਂ ਕੀਤੀ ਗਈ। ਸੁਖਬੀਰ ਬਾਦਲ ਨੇ ਮਿਲਕਫੈੱਡ ਪਾਊਡਰ ਘੁਟਾਲੇ ਵਿਚ ਜੂਨੀਅਰ ਅਫ਼ਸਰਾਂ ਖਿਲਾਫ਼ ਕਾਰਵਾਈ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਭਾਰਤੀ ਫੌਜ ਵੱਲੋਂ ਮਿਲਕਫੈੱਡ ਦੇ ਸਪਲਾਈ ਕੀਤੇ ਦੁੱਧ ਪਾਊਡਰ ਨੂੰ ਰੱਦ ਕਰਨ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਣਕ ਦੀ ਖ਼ਰੀਦ ਦੇ ਸੁਚੱਜੇ ਪ੍ਰਬੰਧ ਨਾ ਕਰਨ ’ਤੇ ਮੁੱਖ ਮੰਤਰੀ ਦੀ ਨਿਖੇਧੀ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਕੋਲ ਟਿਊਬਵੈੱਲ ਕੁਨੈਕਸ਼ਨ ਨਹੀਂ ਹਨ, ਉਨ੍ਹਾਂ ਨੂੰ ਪਾਰਟੀ ਦੀ ਸਰਕਾਰ ਬਣਨ ’ਤੇ ਕੁਨੈਕਸ਼ਨ ਦਿੱਤੇ ਜਾਣਗੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਦਿਨ ਵੇਲੇ 12 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਇਕ ਸਕਿੱਲ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ ਜੋ ਹਰ ਸਾਲ ਇਕ ਲੱਖ ਨੌਜਵਾਨਾਂ ਨੂੰ ਸਿਖਲਾਈ ਦੇਵੇਗੀ ਅਤੇ ਇਸ ਦੇ ਕੇਂਦਰ ਜ਼ਿਲ੍ਹਿਆਂ ਵਿਚ ਸਥਾਪਿਤ ਕੀਤੇ ਜਾਣਗੇ। ਇਸ ਮੌਕੇ ਸੁੱਚਾ ਸਿੰਘ ਲੰਗਾਹ, ਡਾ. ਦਲਜੀਤ ਸਿੰਘ ਚੀਮਾ, ਲਖਬੀਰ ਸਿੰਘ ਲੋਧੀਨੰਗਲ, ਗੁਰਇਕਬਾਲ ਸਿੰਘ ਮਾਹਲ ਤੇ ਰਾਜਬੀਰ ਘੁੰਮਣ ਵੀ ਹਾਜ਼ਰ ਸਨ।
