ਕੰਸਟ੍ਰਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ ਏਟਕ ਪੰਜਾਬ ਵੱਲੋਂ ਉਸਾਰੀ ਕਿਰਤੀ ਦੀਆਂ ਮੰਗਾਂ ਅਤੇ ਨਵੇਂ ਥੋਪੇ ਜਾ ਰਹੇ ਨਿਯਮਾਂ ਖ਼ਿਲਾਫ਼ ਕਿਰਤ ਭਵਨ ਮੁਹਾਲੀ ਵਿਚ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਯੂਨੀਅਨ ਦੇ ਸੂਬਾ ਪ੍ਰਧਾਨ ਬੋਹੜ ਸਿੰਘ ਸੁਖਨਾ, ਜਨਰਲ ਸਕੱਤਰ ਸਾਥੀ ਸੁਖਦੇਵ ਸ਼ਰਮਾ, ਭਰਪੂਰ ਸਿੰਘ ਬੁਲਾਪੁਰ, ਪ੍ਰਦੀਪ ਚੀਮਾ, ਖੁਸ਼ੀਆ ਸਿੰਘ ਬਰਨਾਲਾ, ਐਡਵੋਕੇਟ ਪਰਮਜੀਤ ਢਾਬਾਂ, ਬੀਬੀ ਦਸਵਿੰਦਰ ਕੌਰ ਅਤੇ ਇਕਬਾਲ ਤਖਾਣਵੱਧ ਨੇ ਕੀਤੀ। ਧਰਨੇ ਮੌਕੇ ਕਿਸੇ ਵੀ ਅਧਿਕਾਰੀ ਵੱਲੋਂ ਧਰਨਾਕਾਰੀਆਂ ਨਾਲ ਗੱਲਬਾਤ ਨਾ ਕਰਨ ਤੋਂ ਭੜਕੇ ਧਰਨਾਕਾਰੀਆਂ ਨੇ ਕਿਰਤ ਦਫ਼ਤਰ ਘੇਰਨ ਦਾ ਐਲਾਨ ਕਰ ਦਿੱਤਾ। ਪੁਲੀਸ ਰੋਕਾਂ ਦੇ ਬਾਵਜੂਦ ਉਸਾਰੀ ਕਿਰਤੀਆਂ ਨੇ ਕਿਰਤ ਦਫ਼ਤਰ ਪੂਰੀ ਤਰ੍ਹਾਂ ਘੇਰ ਲਿਆ। ਧਰਨਾਕਾਰੀਆਂ ਵੱਲੋਂ ਕਿਰਤ ਭਵਨ ਦੇ ਮੇਨ ਗੇਟ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਪ੍ਰਸ਼ਾਸਨ ਨੇ ਵਿੱਚ ਪੈ ਕੇ ਅਧਿਕਾਰੀਆਂ ਨਾਲ ਮੀਟਿੰਗ ਕਰਵਾ ਕੇ ਮਾਹੌਲ ਨੂੰ ਸ਼ਾਂਤ ਕੀਤਾ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਜਲਦੀ ਹੀ ਪੰਚਾਇਤ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਧਰਨੇ ਨੂੰ ਸੰਬੋਧਨ ਕਰਦਿਆਂ ਸੁਖਦੇਵ ਸ਼ਰਮਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਬੋਰਡ ਦੀ ਮੀਟਿੰਗ ਨਾ ਹੋਣ ਕਾਰਨ ਅਧਿਕਾਰੀਆਂ ਵੱਲੋਂ ਗਲਤ ਤਰੀਕੇ ਨਾਲ ਸਕੀਮਾਂ ਵਿੱਚ ਬਦਲਾਅ ਕੀਤਾ ਜਾ ਰਿਹਾ ਹੈ। ਨਿਰਮਲ ਸਿੰਘ ਧਾਲੀਵਾਲ ਅਤੇ ਅਮਰਜੀਤ ਆਸਲ ਨੇ ਕਿਹਾ ਕਿ ਉਸਾਰੀ ਕਿਰਤੀਆਂ ਨੂੰ ਲਾਭ ਦੇਣ ਲਈ ਦੇਸ਼ ਦੀ ਸੰਸਦ ਵਿੱਚ ਕਾਨੂੰਨ ਬਣਿਆ ਹੋਇਆ ਹੈ, ਜਿਸ ਦੀ ਵੱਡੇ ਪੱਧਰ ’ਤੇ ਉਲੰਘਣਾ ਹੋ ਰਹੀ ਹੈ।
