ਪੰਜਾਬ ਸਰਕਾਰ ਦੇ ਮੰਤਰੀਆਂ ਵੱਲੋਂ ਗ਼ੈਰ ਕਾਨੂੰਨੀ ਢੰਗ ਨਾਲ ਸਹੂਲਤਾਂ ਲੈਣ ਦੀ ਸੀਬੀਆਈ ਜਾਂਚ ਹੋਵੇ: ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਦੇ ਮੰਤਰੀਆਂ ਵੱਲੋਂ ਲੰਘੇ ਚਾਰ ਸਾਲਾਂ ਵਿਚ ਗ਼ੈਰ ਕਾਨੂੰਨੀ ਢੰਗ ਨਾਲ ਸਹੂਲਤਾਂ ਲੈਣ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਇੱਥੋਂ ਦੇ ਦਾਣਾ ਮੰਡੀ ਵਿਚ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਵਿੱਚ ਹੋਈ ਰੈਲੀ ਤੇ ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣੇਗੀ। ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਪਹਿਲਾਂ ਵਾਂਗ ਸੁਖ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਆਖਿਆ ਕਿ ਸਰਕਾਰ ਬਣਨ ’ਤੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ ਅਤੇ ਬੇਰੁਜ਼ਗਾਰ ਬੱਚਿਆਂ ਲਈ ਸਕਿਲ ਸੈਂਟਰ ਖੋਲ੍ਹੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਤੇ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਨੂੰ ਇਕ ਲੱਖ ਰੁਪਏ ਸ਼ਗਨ ਸਕੀਮ ਦਿੱਤੀ ਜਾਵੇਗੀ ਜਦੋਂ ਕਿ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦਿੱਲੀ ਤੋਂ ਚੱਲਦੀਆਂ ਹਨ। ਜਦੋਂ ਕਿ ਅਕਾਲੀ ਦਲ ਦੀ ਪਾਰਟੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਪਹਿਰੇਦਾਰੀ ਕਰਦੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਤੇ ਪੰਜਾਬ ਦਾ ਕਰੋੜਾਂ ਰੁਪਏ ਇਸ਼ਤਿਹਾਰਾਂ ਵਿੱਚ ਬਰਬਾਦ ਕਰਨ ਦੇ ਇਲਜ਼ਾਮ ਲਗਾਏ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਗਿਣਾਈਆਂ। ਉਨ੍ਹਾਂ ਨੇ ਵੀ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਕੈਬਨਿਟ ਮੰੰਤਰੀ ਕੈਪਟਨ ਬਲਬੀਰ ਸਿੰਘ ਬਾਠ, ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੰਗਾਹ, ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਬਾਬਾ ਚੈਨ ਸਿੰਘ ਡੋਗਰ ਮਹੇਸ਼, ਐਸ ਜੀ ਪੀ ਸੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ, ਰਮਨਦੀਪ ਸਿੰਘ ਸੰਧੂ, ਸਾਬਾ ਮਾਹਲ, ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ ਜਤਿੰਦਰ ਸਿੰਘ ਲੱਧਾ ਮੁੰਡਾ ਤੋਂ ਇਲਾਵਾ ਵੱਖ ਵੱਖ ਆਗੂਆਂ ਨੇ ਸੰਬੋਧਨ ਕੀਤਾ।

Scroll to Top