ਸ਼੍ਰੋਮਣੀ ਕਮੇਟੀ ਦਾ ਜਥਾ ਅੱਜ ਪਾਕਿਸਤਾਨਲਈ ਰਵਾਨਾ ਹੋਵੇਗਾ

ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਭਲਕੇ 10 ਅਪਰੈਲ ਨੂੰ 2800 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜੱਥਾ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਵਾਰ ਪਾਕਿਸਤਾਨੀ ਹਾਈ ਕਮਿਸ਼ਨ ਨੇ ਲਗਪਗ 2840 ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਹਨ। ਭਲਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀਜ਼ਾ ਲੱਗੇ ਪਾਸਪੋਰਟ ਸੌਂਪੇ ਗਏ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਇਹ ਜਥਾ ਭਲਕੇ 10 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ ਅੱਠ ਵਜੇ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1795 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1763 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ। ਉਨ੍ਹਾਂ ਪਾਕਿਸਤਾਨ ਅਤੇ ਭਾਰਤ ਸਰਕਾਰਾਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ ਅਤੇ ਪਾਕਿਸਤਾਨ ਸਰਕਾਰ ਵੱਲੋਂ 20 ਡਾਲਰ ਫੀਸ ਵੀ ਸਮਾਪਤ ਕੀਤੀ ਜਾਵੇ। ਇਸੇ ਦੌਰਾਨ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ।

Scroll to Top