ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਲਗਾਤਾਰ ਹਮਲੇ ਹੋ ਰਹੇ ਹਨ। ਸਿੱਖ ਕੌਮ ਅੱਜ ਕਈ ਗੰਭੀਰ ਮਸਲਿਆਂ ਦਾ ਸਾਹਮਣਾ ਕਰ ਰਹੀ ਹੈ। ਇਨ੍ਹਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਸਭ ਤੋਂ ਮਹੱਤਵਪੂਰਨ ਹੈ। ਬਲਵੰਤ ਸਿੰਘ ਰਾਜੋਆਣਾ ਸਣੇ ਕਈ ਸਿੰਘ ਲੰਮੇ ਸਮੇਂ ਤੋਂ ਕੈਦ ਵਿੱਚ ਹਨ ਅਤੇ ਇਸ ਮਾਮਲੇ ਸਬੰਧੀ ਕਾਨੂੰਨੀ ਅਤੇ ਧਾਰਮਿਕ ਪੱਧਰ ’ਤੇ ਯਤਨ ਜਾਰੀ ਹਨ। ਉਨ੍ਹਾਂ ਹੋਰ ਕੈਦੀ ਸਿੰਘਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਮਾਮਲੇ ਕੌਮ ਲਈ ਚਿੰਤਾ ਦਾ ਵਿਸ਼ਾ ਹਨ। ਸ੍ਰੀ ਧਾਮੀ ਨੇ ਸਿੱਖਾਂ ਨੂੰ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਅੰਦਰੂਨੀ ਵੰਡਾਂ ਕਾਰਨ ਕੌਮ ਕਮਜ਼ੋਰ ਹੋ ਰਹੀ ਹੈ। ਪ੍ਰਧਾਨ ਧਾਮੀ ਨੇ ਕੇਂਦਰ ਸਰਕਾਰ ਵੱਲੋਂ ਧਾਰਮਿਕ ਮਾਮਲਿਆਂ ਵਿੱਚ ਕੀਤੀ ਜਾ ਰਹੀ ਦਖ਼ਲਅੰਦਾਜ਼ੀ ’ਤੇ ਵੀ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਆਰਟੀਕਲ 25 ਅਧੀਨ ਧਰਮ ਦੀ ਆਜ਼ਾਦੀ ਹਰੇਕ ਨਾਗਰਿਕ ਦਾ ਅਧਿਕਾਰ ਹੈ ਪਰ ਇਸ ਵਿੱਚ ਦਖ਼ਲਅੰਦਾਜ਼ੀ ਕੀਤੀ ਜਾਣੀ ਸੰਵਿਧਾਨ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਸ਼੍ੋਮਣੀ ਕਮੇਟੀ ਸਣੇ ਹੋਰ ਧਾਰਮਿਕ ਸੰਸਥਾਵਾਂ ਨੂੰ ਮਿਲੇ ਅਧਿਕਾਰਾਂ ਦੀ ਸਰਕਾਰਾਂ ਵੱਲੋਂ ਅਣਦੇਖੀ ਕਰਨਾ ਵੀ ਗੰਭੀਰ ਮਸਲਾ ਹੈ, ਜਿਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ।
