ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ

ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਕੁਆਰਟਰ ਵਿੱਚ ਰਹਿੰਦੀ ਮਹਿਲਾ ਡਾਕਟਰ ਨੇ ਫਾਹਾ ਲੈ ਕੇ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਡਾਕਟਰ ਰੀਆ (31) ਵਜੋਂ ਹੋਈ ਹੈ ਜੋ ਸ਼ਾਦੀਸ਼ੁਦਾ ਸੀ ਤੇ ਬਠਿੰਡਾ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਡਾਕਟਰ ਰੀਆ ਨੇ ਲਗਪਗ ਡੇਢ ਮਹੀਨਾ ਪਹਿਲਾਂ ਹੀ ਐੱਮ ਬੀ ਬੀ ਐੱਸ ਦੀ ਪੜ੍ਹਾਈ ਪੂਰੀ ਕੀਤੀ ਸੀ ਜਿਸ ਉਪਰੰਤ ਉਸ ਦੀ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਚ ਗਾਇਨੋਕੋਲੋਜਿਸਟ ਵਜੋਂ ਨਿਯੁਕਤੀ ਹੋਈ ਸੀ। ਉਹ ਹਸਪਤਾਲ ਦੇ ਸਰਕਾਰੀ ਕੁਆਰਟਰ ਵਿੱਚ ਰਹਿੰਦੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਅਧਿਕਾਰੀ ਜਾਂਚ ਲਈ ਮੌਕੇ ’ਤੇ ਪਹੁੰਚ ਗਏ। ਥਾਣਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਹਸਪਤਾਲ ਤੋਂ ਸੂਚਨਾ ਮਿਲੀ ਕਿ ਇੱਕ ਡਾਕਟਰ ਨੇ ਆਪਣੇ ਕੁਆਰਟਰ ਵਿੱਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਹੈ ਜਿਸ ਉਪਰੰਤ ਸਹਾਇਕ ਥਾਣੇਦਾਰ ਪ੍ਰਿਥਵੀ ਰਾਜ ਨੂੰ ਮੌਕੇ ’ਤੇ ਭੇਜਿਆ ਗਿਆ। ਪੁਲੀਸ ਨੇ ਦੱਸਿਆ ਕਿ ਹਸਪਤਾਲ ਦੇ ਸਟਾਫ਼ ਨੇ ਡਾਕਟਰ ਰੀਆ ਨੂੰ ਅੱਜ ਵਾਰ-ਵਾਰ ਫ਼ੋਨ ਕੀਤਾ ਪਰ ਕੋਈ ਜਵਾਬ ਨਾ ਮਿਲਣ ’ਤੇ ਇਕ ਕਰਮਚਾਰੀ ਉਸ ਦੀ ਰਿਹਾਇਸ਼ ’ਤੇ ਪਹੁੰਚਿਆ ਜਿੱਥੇ ਉਸ ਨੇ ਡਾਕਟਰ ਨੂੰ ਫਾਹੇ ਨਾਲ ਲਟਕਦਾ ਦੇਖਣ ਮਗਰੋਂ ਹਸਪਤਾਲ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਜਿਸ ਕਾਰਨ ਆਤਮਹੱਤਿਆ ਦੇ ਕਾਰਨ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਡਾਕਟਰ ਰੀਆ ਕੁਝ ਸਮੇਂ ਤੋਂ ਪ੍ਰੇਸ਼ਾਨ ਸੀ। ਮ੍ਰਿਤਕਾ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ ਜਿਨ੍ਹਾਂ ਦੇ ਬਿਆਨਾਂ ਅਤੇ ਪੋਸਟਮਾਰਟਮ ਰਿਪੋਰਟ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

Scroll to Top