ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸੂਬਾ ਪੱਧਰੀ ਮੀਟਿੰਗ ਅੱਜ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹਲਕੇ ਦੇ ਪਿੰਡ ਚੀਮਾ ਵਿਖੇ ਹੋਈ। ਇਸ ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ, ਸਕੱਤਰ ਅਤੇ ਮਹਿਲਾ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪਾਣੀਆਂ ਦੇ ਗੰਭੀਰ ਸੰਕਟ, ਜਥੇਬੰਦਕ ਚੋਣਾਂ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਅਹਿਮ ਫੈਸਲੇ ਲਏ ਗਏ। ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਪਾਣੀਆਂ ਦੀ ਵੰਡ ਦੇ ਸਵਾਲ, ਦਰਿਆਈ ਪਾਣੀਆਂ ਦੇ ਮਸਲੇ ਅਤੇ ਇਸ ਦੇ ਸਹੀ ਹੱਲ ਨੂੰ ਲੋਕਾਂ ਦੀ ਕਚਹਿਰੀ ਵਿੱਚ ਰੱਖਣ ਲਈ 10 ਮਈ ਨੂੰ ਇੱਕ ਵੱਡੀ ਕਨਵੈਂਸ਼ਨ ਕੀਤੀ ਜਾਵੇਗੀ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿਆਸੀ ਪਾਰਟੀਆਂ ਪਾਣੀਆਂ ਦੇ ਮਸਲੇ ਨੂੰ ਹੱਲ ਕਰਨ ਦੀ ਬਜਾਏ ਕਿਸਾਨਾਂ ਨੂੰ ਆਪਸ ਵਿੱਚ ਲੜਾ ਕੇ ਆਪਣਾ ਸਿਆਸੀ ਉੱਲੂ ਸਿੱਧਾ ਕਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਾਣੀਆਂ ‘ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ। ਦੂਸ਼ਿਤ ਹੋ ਰਹੇ ਪਾਣੀ ਅਤੇ ਅਜਾਈਂ ਜਾ ਰਹੇ ਸਰੋਤਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਕਿਸਾਨੀ ਏਕਤਾ ਨੂੰ ਤੋੜਨ ਲਈ ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਵਿਚਾਲੇ ਟਕਰਾਅ ਪੈਦਾ ਕੀਤਾ ਜਾ ਰਿਹਾ ਹੈ। ਜਥੇਬੰਦੀ ਨੇ ਫੈਸਲਾ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 15 ਮਈ ਨੂੰ ਚੰਡੀਗੜ੍ਹ ਵਿਖੇ ਪਾਣੀਆਂ ਦੇ ਮਸਲੇ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
