ਬੇਅਦਬੀ ਵਿਰੋਧੀ ਕਾਨੂੰਨ ਵਾਪਸ ਲੈਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ: ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਬੇਅਦਬੀ ਵਿਰੋਧੀ ਕਾਨੂੰਨ ਨੂੰ ਨਾ ਤਾਂ ਵਾਪਸ ਲਿਆ ਜਾਵੇਗਾ ਅਤੇ ਨਾ ਹੀ ਕੋਈ ਸੋਧ ਕੀਤੀ ਜਾਵੇਗੀ, ਕਿਉਂਕਿ ਇਸ ਨੂੰ ਦੁਨੀਆ ਭਰ ਦੀ ‘ਸੰਗਤ’ ਦਾ ਭਾਰੀ ਸਮਰਥਨ ਪ੍ਰਾਪਤ ਹੈ। ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਾਰੇ ਧਾਰਮਿਕ ਗ੍ਰੰਥਾਂ ਦੇ ਸਤਿਕਾਰ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026’ ਨੂੰ ਪੰਜਾਬ ਵਿਧਾਨ ਸਭਾ ਨੇ 13 ਅਪਰੈਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ। ਇਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕਿਸੇ ਵੀ ਘਟਨਾ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾ ਦਾ ਪ੍ਰਬੰਧ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਤੋਂ ‘ਸ਼ੁਕਰਾਨਾ ਯਾਤਰਾ’ ਕੱਢੀ ਜਾ ਰਹੀ ਸੀ, ਜੋ ਕਿ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਦੀ ‘ਖੁਸ਼ੀ ਅਤੇ ਧੰਨਵਾਦ’ ਵਜੋਂ ਸ਼ੁਰੂ ਕੀਤੀ ਗਈ ਸੀ। ਇਹ ਯਾਤਰਾ ਅੱਜ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਦੁਨੀਆ ਭਰ ਦੀ ਸੰਗਤ ਦਾ ਭਾਰੀ ਸਮਰਥਨ ਮਿਲਿਆ ਹੈ। ਬਾਦਲ ਪਰਿਵਾਰ ‘ਤੇ ਸਿੱਧਾ ਹਮਲਾ ਕਰਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਸਿਰਫ਼ “ਇੱਕ ਖਾਸ ਪਰਿਵਾਰ” ਹੀ ਇਸ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ। ਉਨ੍ਹਾਂ ਕਿਹਾ, “ਰਾਜਪਾਲ ਨੇ ਐਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਕਾਨੂੰਨ ਨੂੰ ਵਾਪਸ ਲੈਣ ਜਾਂ ਰੱਦ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ।”

Scroll to Top