ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਦੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੀਨੀਅਰ ਆਗੂ ਰੇਸ਼ਮ ਸਿੰਘ ਯਾਤਰੀ ਨੇ, ਸ਼ੁਕਰਾਨਾ ਯਾਤਰਾ ਕਰ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭਲਕੇ ਸ਼ੁੱਕਰਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟ ਸ਼ਮੀਰ ਵਿੱਚ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਵੀਰਵਾਰ ਸ਼ਾਮ ਨੂੰ ਰੇਸ਼ਮ ਸਿੰਘ ਯਾਤਰੀ ਨੇ ਇੱਕ ਵੀਡੀਓ ਰਾਹੀਂ ਆਪਣੀ ਜਥੇਬੰਦੀ ਦੇ ਜ਼ਿਲ੍ਹੇ ਵਿਚਲੇ ਆਗੂਆਂ ਅਤੇ ਵਰਕਰਾਂ ਨੂੰ ਕੋਟ ਸ਼ਮੀਰ ਪਹੁੰਚਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਦੇ ਘਿਰਾਓ ਨੂੰ ਵਜ਼ਨੀ ਬਣਾਉਣ ਲਈ ਉਨ੍ਹਾਂ ਨੇ ਤਰਕ ਪੇਸ਼ ਕਰਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂਮੁੱਖ ਮੰਤਰੀ ਖੁਦ ਲੋਕਾਂ ਨੂੰ ਸਰਕਾਰਾਂ ਨੂੰ ਸਵਾਲ ਪੁੱਛਣ ਲਈ ਪ੍ਰੇਰਿਆ ਕਰਦੇ ਸਨ, ਪਰ ਹੁਣ ਖ਼ੁਦ ਅਜਿਹੇ ਸਵਾਲਾਂ ਦਾ ਸਾਹਮਣਾ ਕਰਨ ਤੋਂ ਟਾਲਾ ਵੱਟਦੇ ਹਨ। ਕਿਸਾਨ ਆਗੂ ਨੇ ਕਿਹਾ ਕਿ ਉਹ ਮੁੱਖ ਮੰਤਰੀ ਤੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੋਂ ਗੁੰਮ ਹੋਏ ਕਿਸਾਨਾਂ ਦੇ ਸਾਮਾਨ ਦੀ ਭਰਪਾਈ ਸਮੇਤ ਆਪਣੀਆਂ ਹੋਰ ਮੰਗਾਂ ਦੀ ਪੂਰਤੀ ਲਈ ਆਵਾਜ਼ ਉਠਾਉਣਗੇ।
