ਕਿਸਾਨਾਂ ਨੇ ਮੋਦੀ ਸਰਕਾਰ ਅਤੇ ਰਾਜਪਾਲ ਪੰਜਾਬ ਦੇ ਪੁਤਲੇ ਫੂਕੇ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ, ਜਿਉਂਦ, ਮੌੜ, ਤਲਵੰਡੀ ਸਾਬੋ, ਸੰਗਤ, ਗੋਨਿਆਣਾ, ਭਗਤਾ, ਭੁੱਚੋ ਅਤੇ ਨਥਾਣਾ ਵਿਖੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਪੁਤਲੇ ਫੂਕੇ ਗਏ। ਇਸ ਮੌਕੇ ਬੀ ਕੇ ਯੂ (ਉਗਰਾਹਾਂ), ਕੁੱਲ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ ਅਤੇ ਬੀ ਕੇ ਯੂ (ਡਕੌਂਦਾ) ਦੇ ਆਗੂਆਂ ਵੱਲੋਂ ਲੰਘੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ’ਤੇ ਹੋਏ ਕਥਿਤ ਜਬਰ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ’ਤੇ ਕਾਬਜ਼ ਭਾਜਪਾ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦਾ ਆਪਣੀ ਹੀ ਰਾਜਧਾਨੀ ਵਿੱਚ ਦਾਖ਼ਲਾ ਰੋਕ ਕੇ ਉਨ੍ਹਾਂ ਦੇ ਜਮਹੂਰੀ ਅਧਿਕਾਰਾਂ ਨੂੰ ਕੁਚਲਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪਾਣੀ ਇੱਕ ਕੁਦਰਤੀ ਦਾਤ ਹੈ, ਇਸ ਲਈ ਇਸ ਨੂੰ ਵਪਾਰਿਕ ਵਸਤੂ ਬਣਾ ਕੇ ਸਰਮਾਏਦਾਰਾਂ ਦੇ ਹਵਾਲੇ ਕਰਨਾ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਫੈਕਟਰੀਆਂ ਦੇ ਜ਼ਹਿਰੀਲੇ ਪਾਣੀ ਨੂੰ ਬੋਰ ਰਾਹੀਂ ਧਰਤੀ ਦੇ ਅੰਦਰ ਸੁੱਟਣ ਜਾਂ ਦਰਿਆਵਾਂ ਵਿੱਚ ਵਹਾਉਣ ਵਿਰੁੱਧ ਸਖ਼ਤ ਸਜ਼ਾ ਵਾਲਾ ਕਾਨੂੰਨ ਬਣਾਇਆ ਜਾਵੇ। ਇਸ ਦੇ ਨਾਲ ਹੀ ਪਾਣੀਆਂ ਦੀ ਸੰਭਾਲ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ ਅਤੇ ਹਰਿਆਣਾ ਤੇ ਰਾਜਸਥਾਨ ਨਾਲ ਪਾਣੀ ਦੇ ਵਿਵਾਦ ਨੂੰ ਆਪਸੀ ਸਹਿਮਤੀ ਨਾਲ ਮਿਲ-ਬੈਠ ਕੇ ਹੱਲ ਕੀਤਾ ਜਾਵੇ। ਗੌਰਤਲਬ ਹੈ ਕਿ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 15 ਮਈ ਨੂੰ ਰਾਜ ਭਵਨ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਤਹਿਤ ਜਦੋਂ ਕਿਸਾਨ ਜਥੇਬੰਦੀਆਂ ਚੰਡੀਗੜ੍ਹ ਸਥਿਤ ਰਾਜ ਭਵਨ ਵੱਲ ਜਾ ਰਹੀਆਂ ਸਨ, ਤਾਂ ਰਸਤੇ ਵਿੱਚ ਚੰਡੀਗੜ੍ਹ ਪੁਲੀਸ ਨੇ ਸਖ਼ਤ ਨਾਕੇਬੰਦੀ ਕਰਕੇ ਕਿਸਾਨਾਂ ਨੂੰ ਰੋਕ ਲਿਆ। ਇਸ ਦੌਰਾਨ ਚੰਡੀਗੜ੍ਹ ਪੁਲੀਸ ਵੱਲੋਂ ਕਥਿਤ ਤੌਰ ‘ਤੇ ਪਾਣੀ ਦੀਆਂ ਬੁਛਾੜਾਂ (ਵਾਟਰ ਕੈਨਨ), ਅੱਥਰੂ ਗੈਸ ਅਤੇ ਲਾਠੀਚਾਰਜ ਦੀ ਵਰਤੋਂ ਕਰਕੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ।

Scroll to Top