ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਰੋਧ ਵਿੱਚ ਇਕੱਠੇ ਹੋਏ ਵੱਖ-ਵੱਖ ਪੰਥਕ ਧੜਿਆਂ ਵਿਚਾਲੇ ਬਣੀ ਪੰਥਕ ਏਕਤਾ ਨੂੰ ਕੁਝ ਮਹੀਨਿਆਂ ਬਾਅਦ ਹੀ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਵਾਰਿਸ ਪੰਜਾਬ ਦੇ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਆਪਣੇ ਸਿਆਸੀ ਸਬੰਧ ਪੂਰੀ ਤਰ੍ਹਾਂ ਖ਼ਤਮ ਕਰ ਲਏ ਹਨ। ਇਸ ਸਬੰਧੀ ਫੈਸਲਾ ਅੰਮ੍ਰਿਤਸਰ ਵਿਚ ਹੋਈ ਮੀਟਿੰਗ ਵਿਚ ਲਿਆ ਗਿਆ, ਜਿਸ ਨਾਲ ਬਾਦਲ ਦਲ ਦੇ ਵਿਰੋਧ ਵਿੱਚ ਖੜ੍ਹੇ ਹੋਏ ਸਾਂਝੇ ਮੋਰਚੇ ਦੀ ਸਿਆਸੀ ਰਣਨੀਤੀ ’ਤੇ ਸਵਾਲ ਖੜ੍ਹੇ ਹੋ ਗਏ ਹਨ। ‘ਅਕਾਲੀ ਦਲ-ਵਾਰਿਸ ਪੰਜਾਬ ਦੇ’ ਅਤੇ ‘ਅਕਾਲੀ ਦਲ ਪੁਨਰ ਸੁਰਜੀਤ’ ਵਿਚਕਾਰ ਚੱਲ ਰਹੀ ਤਾਲਮੇਲ ਸਬੰਧੀ ਗੱਲਬਾਤ ਸਿਰੇ ਨਹੀ ਚੜ੍ਹੀ। ਇਹ ਪ੍ਰਗਟਾਵਾ ਅੱਜ ਇੱਥੇ ਤਾਲਮੇਲ ਕਮੇਟੀ ਦੇ ਮੈਂਬਰਾਂ ਵੱਲੋਂ ਕੀਤਾ ਗਿਆ। ‘ਅਕਾਲੀ ਦਲ-ਵਾਰਿਸ ਪੰਜਾਬ ਦੇ’ ਦੀ ਚਾਰ ਮੈਂਬਰੀ ਤਾਲਮੇਲ ਕਮੇਟੀ ਦੇ ਮੈਂਬਰਾਂ ਬਾਬੂ ਸਿੰਘ ਬਰਾੜ, ਪਰਮਜੀਤ ਸਿੰਘ ਜੌਹਲ, ਪਰਗਟ ਸਿੰਘ ਰਈਆ ਅਤੇ ਰਛਪਾਲ ਸਿੰਘ ਸੋਸਣ ਨੇ ਇੱਕ ਸਾਂਝੇ ਬਿਆਨ ਵਿੱਚ ਦੱਸਿਆ ਕਿ ਇਹ ਫੈਸਲਾ ਦੋਵਾਂ ਧਿਰਾਂ ਵਿਚਾਲੇ ਪੈਦਾ ਹੋਏ ਬੁਨਿਆਦੀ ਵਿਚਾਰਧਾਰਕ ਮਤਭੇਦਾਂ ਅਤੇ ਉਨ੍ਹਾਂ ਆਗੂਆਂ ਨੂੰ ਲਗਾਤਾਰ ਅੱਗੇ ਲਿਆਉਣ ਦੇ ਕਾਰਨ ਲਿਆ ਗਿਆ ਹੈ ਜੋ ਪੰਥ ਦੀ ਅਗਵਾਈ ਕਰਨ ਦਾ ਨੈਤਿਕ ਅਧਿਕਾਰ ਨਹੀਂ ਰੱਖਦੇ ਹਨ। ਇਸ ਤੋਂ ਪਹਿਲਾਂ ਦੋਵਾਂ ਅਕਾਲੀ ਦਲ ਦੇ ਧੜਿਆਂ ਵਿਚਕਾਰ ਏਕਤਾ ਕਾਇਮ ਕਰਨ ਦੇ ਮਕਸਦ ਨਾਲ 18 ਅਪਰੈਲ ਨੂੰ ਇੱਕ ਅੱਠ ਮੈਂਬਰੀ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਸੀ। ਕਮੇਟੀ ਦੇ ਮੈਂਬਰ ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਦੋਵਾਂ ਧਿਰਾਂ ਵਿਚਾਲੇ ਕਈ ਦੌਰ ਦੀਆਂ ਮੀਟਿੰਗਾਂ ਅਤੇ ਵਿਚਾਰ-ਵਟਾਂਦਰੇ ਹੋਏ ਪਰ ਕੁਝ ਬੁਨਿਆਦੀ ਅਤੇ ਮਹੱਤਵਪੂਰਨ ਵਿਚਾਰਧਾਰਕ ਮੁੱਦਿਆਂ ‘ਤੇ ਸਹਿਮਤੀ ਨਹੀਂ ਬਣ ਸਕੀ, ਜਿਸ ਦੇ ਨਤੀਜੇ ਵਜੋਂ ਗਠਜੋੜ ਦੇ ਸਾਰੇ ਯਤਨ ਅਸਫਲ ਹੋ ਗਏ ਅਤੇ ਆਪਸੀ ਸਬੰਧ ਟੁੱਟ ਗਏ।
