ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੜ ਸਪੱਸ਼ਟ ਕੀਤਾ ਹੈ ਕਿ ਅਕਾਲੀ ਦਲ ਨੂੰ ‘ਆਪ’ ਸਰਕਾਰ ਵੱਲੋਂ ਬਣਾਇਆ ਗਿਆ ਬੇਅਦਬੀ ਕਾਨੂੰਨ ਪ੍ਰਵਾਨ ਨਹੀਂ ਹੈ। ਸ੍ਰੀ ਬਾਦਲ ਨੇ ਕਿਹਾ ਕਿ ਕਾਨੂੰਨੀ ਮਾਹਿਰਾਂ ਮੁਤਾਬਕ ਇਸ ਨਵੇਂ ਕਾਨੂੰਨ ਵਿੱਚ ਕਈ ਖਾਮੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਗ੍ਰੰਥੀ ਸਿੰਘਾਂ ਨੂੰ ਕਾਨੂੰਨ ਦੇ ਘੇਰੇ ਹੇਠ ਲਿਆ ਕੇ ਕਾਨੂੰਨ ਦੀ ਦੁਰਵਰਤੋਂ ਦਾ ਰਾਹ ਪੱਧਰਾ ਕੀਤਾ ਗਿਆ ਹੈ। ਅੱਜ ਇੱਥੇ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਵਿਖੇ ਮਰਹੂਮ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੇ ਚੌਥੇ ਬਰਸੀ ਸਮਾਗਮ ਵਿੱਚ ਸ਼ਾਮਲ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਏ ਜਾਣ ਦੇ ਹੱਕ ਵਿੱਚ ਹੈ ਪਰ ਕਾਨੂੰਨ ਨਾਲ ਸਰਕਾਰਾਂ ਦਾ ਨਿੱਜੀ ਮੁਫ਼ਾਦ ਜੁੜਿਆ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਰਹੂਮ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੀ ਅਕਾਲੀ ਦਲ ਨੂੰ ਬਹੁਤ ਵੱਡੀ ਦੇਣ ਹੈ। ਉਨ੍ਹਾਂ ਵੱਡੇ ਬਾਦਲ ਸਾਹਿਬ ਨਾਲ ਮਿਲ ਕੇ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਅੰਤਿਮ ਸਮੇਂ ਤੱਕ ਕੰਮ ਕੀਤਾ।
