ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ੋਮਣੀ ਕਮੇਟੀ ਵੱਲੋਂ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੂੰ 328 ਪਾਵਨ ਸਰੂਪਾਂ ਦੇ ਮਾਮਲੇ ਤੋਂ ਇਲਾਵਾ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਜਾਵੇਗੀ। ਸ਼੍ਰੋਮਣੀ ਕਮੇਟੀ ਸਿਰਫ਼ ਕੇਸ ਨਾਲ ਸਬੰਧਤ ਰਿਕਾਰਡ ਹੀ ਮੁਹੱਈਆ ਕਰਵਾਏਗੀ। ਇੱਥੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਨੂੰ ਪੱਤਰ ਭੇਜਿਆ ਸੀ ਅਤੇ ਉਨ੍ਹਾਂ ਵੱਲੋਂ ਇਸ ਦੇ ਜਵਾਬ ’ਚ ਸ਼੍ੋਮਣੀ ਕਮੇਟੀ ਨੂੰ ਆਖਿਆ ਗਿਆ ਹੈ ਕਿ ਇਸ ਮਾਮਲੇ ਤੋਂ ਇਲਾਵਾ ਹੋਰ ਕੋਈ ਜਾਣਕਾਰੀ ਵਿਸ਼ੇਸ਼ ਜਾਂਚ ਟੀਮ ਨੂੰ ਨਾ ਦਿੱਤੀ ਜਾਵੇ। ਪਹਿਲਾਂ ਵੀ ਅਕਾਲ ਤਖ਼ਤ ਦੇ ਹੁਕਮ ’ਤੇ ਹੀ ਵਿਸ਼ੇਸ਼ ਜਾਂਚ ਟੀਮ ਨੂੰ ਸਹਿਯੋਗ ਦਿੱਤਾ ਗਿਆ ਹੈ। ਵਿਸ਼ੇਸ਼ ਜਾਂਚ ਟੀਮ ਨੂੰ ਇਸ ਮਾਮਲੇ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਇਹ ਜਾਣਕਾਰੀ ਸਰਟੀਫਾਈਡ ਕਾਪੀਆਂ ਦੇ ਰੂਪ ਵਿੱਚ ਦਿੱਤੀ ਗਈ ਹੈ ਅਤੇ ਪੁਲੀਸ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਜਦੋਂ ਵੀ ਕੋਰਟ ਵਿੱਚ ਅਸਲੀ ਰਿਕਾਰਡ ਪੇਸ਼ ਕਰਨ ਦੀ ਲੋੜ ਪਵੇਗੀ ਤਾਂ ਸ਼੍ੋਮਣੀ ਕਮੇਟੀ ਇਸ ਮਾਮਲੇ ਵਿੱਚ ਸਹਿਯੋਗ ਦੇਵੇਗੀ ਅਤੇ ਅਦਾਲਤ ’ਚ ਦਸਤਾਵੇਜ਼ ਪੇਸ਼ ਕਰੇਗੀ। ਸ਼੍ਰੋਮਣੀ ਕਮੇਟੀ ਸਿੱਖ ਸੰਸਥਾ ਦਾ ਇਹ ਰਿਕਾਰਡ ਅਸਲ ਰੂਪ ਵਿੱਚ ਪੁਲੀਸ ਨੂੰ ਨਹੀਂ ਸੌਂਪ ਸਕਦੀ। ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ (ਸੋਧ) ਕਾਨੂੰਨ ਬਾਰੇ ਉਨ੍ਹਾਂ ਕਿਹਾ ਕਿ ਸਮੂਹ ਅਕਾਲੀ ਦਲ ਅਤੇ ਸਿੱਖ ਜਥੇਬੰਦੀਆਂ ਇਸ ਵਿੱਚ ਦਰਜ ਇਤਰਾਜ਼ਯੋਗ ਮੱਦਾਂ ਦੇ ਖ਼ਿਲਾਫ਼ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਸ ਮਾਮਲੇ ਵਿੱਚ ਅਜਿਹੀ ਤਸਵੀਰ ਪੇਸ਼ ਕਰਨ ਦਾ ਯਤਨ ਕਰ ਰਹੀ ਹੈ ਕਿ ਸ਼੍ਰੋਮਣੀ ਕਮੇਟੀ ਇਸ ਕਾਨੂੰਨ ਦਾ ਵਿਰੋਧ ਕਰ ਰਹੀ ਹੈ। ਜਦੋਂ ਕਿ ਸ਼੍ਰੋਮਣੀ ਕਮੇਟੀ ਨੇ ਕਾਨੂੰਨ ਦਾ ਵਿਰੋਧ ਨਹੀਂ ਕੀਤਾ ਸਗੋਂ ਇਸ ਵਿਚਲੀਆਂ ਕੁਝ ਮੱਦਾ ਬਾਰੇ ਇਤਰਾਜ਼ ਕੀਤਾ ਹੈ। ਸਰਕਾਰ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦੇ ਹੋਏ ਇਤਰਾਜ਼ਯੋਗ ਮੱਦਾਂ ਨੂੰ ਹਟਾਉਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਅੱਜ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਤਿੰਨ ਫ਼ੀਸਦੀ ਮਹਿੰਗਾਈ ਭੱਤਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਛੇ ਜੂਨ 1984 ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਸਬੰਧੀ ਸਮਾਗਮ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸ਼੍ੋਮਣੀ ਕਮੇਟੀ ਦੇ ਮੁੱਖ ਸਕੱਤਰ ਦੀ ਅਗਵਾਈ ਹੇਠ ਮੀਟਿੰਗ ਕਰ ਕੇ ਪ੍ਰਬੰਧ ਕੀਤੇ ਜਾ ਰਹੇ ਹਨ।
