ਮਜੀਠੀਆ ਵਿਰੁੱਧ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਪੁਲੀਸ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਕੀਤੀ ਜਾ ਰਹੀ ਛਾਪੇਮਾਰੀ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਬਿਕਰਮ ਮਜੀਠੀਆ ਖ਼ਿਲਾਫ਼ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਪਹਿਲਾਂ ‘ਆਪ’ ਨੇ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਹੋਰਨਾਂ ਪਾਰਟੀਆਂ ਦੇ ਉਮੀਦਵਾਰਾਂ ਦੇ ਜਬਰੀ ਨਾਮਜ਼ਦਗੀ ਪੱਤਰ ਰੱਦ ਕੀਤੇ ਅਤੇ ਚੋਣਾਂ ਦੌਰਾਨ ਵਿਰੋਧੀ ਪਾਰਟੀ ਦੇ ਆਗੂਆਂ ਨਾਲ ਕੁੱਟਮਾਰ ਕੀਤੀ। ਹੁਣ ‘ਆਪ’ ਵੱਲੋਂ ਬਿਕਰਮ ਮਜੀਠੀਆ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ। ਅਕਾਲੀ ਦਲ ਡਰਨ ਵਾਲਾ ਨਹੀਂ ਹੈ ਅਸੀਂ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀ ਖ਼ਿਲਾਫ਼ ਡੱਟ ਕੇ ਲੜਾਈ ਲੜਾਂਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ‘ਆਪ’ ਨੇ ਸ਼੍ਰੋਮਣੀ ਅਕਾਲੀ ਦਲ ਦੇ 726 ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਸਨ। ਇਸ ਦੇ ਬਾਵਜੂਦ ਅਕਾਲੀ ਦਲ ਨੇ 1251 ਵਾਰਡਾਂ ਵਿੱਚ ਚੋਣ ਲੜਦਿਆਂ 192 ’ਤੇ ਜਿੱਤ ਹਾਸਲ ਕੀਤੀ ਹੈ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਨਾਲ 51 ਉਮੀਦਵਾਰ ਆਜ਼ਾਦ ਤੌਰ ’ਤੇ ਚੋਣ ਜਿੱਤੇ ਹਨ, ਜਿਨ੍ਹਾਂ ਵਿੱਚੋਂ 31 ਉਮੀਦਵਾਰ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਿੱਚ ਸ਼ਾਮਲ ਹੋ ਗਏ ਹਨ ਜਦੋਂ ਕਿ ਬਾਕੀ ਰਹਿੰਦੇ ਉਮੀਦਵਾਰ ਵੀ ਜਲਦ ਪਾਰਟੀ ਵਿੱਚ ਸ਼ਾਮਲ ਹੋਣਗੇ। ਇਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਨੇ 243 ਵਾਰਡਾਂ ਵਿੱਚ ਜਿੱਤ ਹਾਸਲ ਕੀਤੀ ਅਤੇ 9 ਕਮੇਟੀਆਂ ਵਿੱਚ ਪੂਰਨ ਬਹੁਮਤ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਬੂਥ ਕੈਪਚਰਿੰਗ ਅਤੇ ਸਰਕਾਰੀ ਤੰਤਰ ਦੀ ਦੁਰਵਰਤੋਂ ਕਰਕੇ ਜਿੱਤ ਹਾਸਲ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਗਰ ਕੌਂਸਲ ਜ਼ੀਰਕਪੁਰ ਦੇ ਵਾਰਡ ਨੰਬਰ 19 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ 23 ਵੋਟਾਂ ਤੋਂ ਜੇਤੂ ਉਮੀਦਵਾਰ ਨੂੰ ਹਾਰਿਆ ਹੋਇਆ ਘੋਸ਼ਿਤ ਕਰ ਦਿੱਤਾ ਹੈ। ਇਸੇ ਤਰ੍ਹਾਂ ਪੰਜਾਬ ਦੇ ਹੋਰ ਕਈ ਸ਼ਹਿਰਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰਾਂ ਨੂੰ ਹਾਰਿਆ ਹੋਇਆ ਘੋਸ਼ਿਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੀਆਂ ਅਜਿਹੀ ਧੱਕੇਸ਼ਾਹੀਆਂ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇਗੀ। ਪੰਜਾਬ ਦੇ ਲੋਕ ‘ਆਪ’ ਦੀਆਂ ਧੱਕੇਸ਼ਾਹੀਆਂ ਨੂੰ ਵੇਖ ਰਹੇ ਹਨ, ਜਿਨ੍ਹਾਂ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਜਵਾਬ ਦਿੱਤਾ ਜਾਵੇਗਾ।

Scroll to Top