ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਬਹਿਬਲ ਕਲਾਂ ਮਾਮਲੇ ਸਬੰਧੀ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਸਿਟ ਕੋਲ ਬਿਆਨ ਦਰਜ ਕਰਵਾਏ ਹਨ ਕਿ ਦਸੰਬਰ 2025 ਨੂੰ ਜਦੋਂ ਅਕਾਲ ਤਖਤ ’ਤੇ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ ਤਾਂ ਉਨ੍ਹਾਂ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਸਬੰਧੀ ਜ਼ਿੰਮੇਵਾਰੀ ਨੂੰ ਸਵੀਕਾਰ ਕੀਤਾ ਸੀ। ਇਸ ਸਬੰਧ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਲੇਕਿਨ ਉਨ੍ਹਾਂ ਨਾਲ ਸੰਪਰਕ ਨਹੀਂ ਹੋਇਆ। ਉਂਝ, ਇਸ ਸਬੰਧ ਵਿੱਚ ਉਨ੍ਹਾਂ ਨੇ ਮੀਡੀਆ ਦੇ ਇਕ ਹਿੱਸੇ ਨੂੰ ਜਾਣਕਾਰੀ ਦਿੱਤੀ ਹੈ ਕਿ ਇਹ ਵਿਸ਼ੇਸ਼ ਜਾਂਚ ਟੀਮ ਉਨ੍ਹਾਂ ਨੂੰ ਅੰਮ੍ਰਿਤਸਰ ਵਿਖੇ ਮਿਲਣ ਲਈ ਆਈ ਸੀ ਜਿਸ ਦੇ ਸਾਹਮਣੇ ਉਨ੍ਹਾਂ ਨੇ ਦਸੰਬਰ 2025 ਨੂੰ ਅਕਾਲ ਤਖਤ ਵਿਖੇ ਪੇਸ਼ ਹੋਣ ਸਮੇਂ ਸੁਖਬੀਰ ਸਿੰਘ ਬਾਦਲ ਵੱਲੋਂ ਸਵੀਕਾਰੀ ਗਈ ਜ਼ਿੰਮੇਵਾਰੀ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਆਖਿਆ ਕਿ ਇਸ ਸਬੰਧੀ ਦਸਤਾਵੇਜ਼ ਅਤੇ ਵੀਡੀਓ ਵੀ ਉਨ੍ਹਾਂ ਕੋਲ ਮੌਜੂਦ ਹਨ ਜਿਸ ਵਿੱਚ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ਸਬੰਧੀ ਜ਼ਿੰਮੇਵਾਰੀ ਨੂੰ ਸਵੀਕਾਰ ਕੀਤਾ ਸੀ। ਇਸ ਮਾਮਲੇ ਨੂੰ ਲੈ ਕੇ ਪੰਥ ਵਿੱਚ ਵੱਡੀ ਹਲਚਲ ਸ਼ੁਰੂ ਹੋ ਗਈ ਹੈ। ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਇਸ ਸਬੰਧ ਵਿੱਚ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਨੂੰ ਪੱਤਰ ਭੇਜ ਕੇ ਗਿਆਨੀ ਰਘਬੀਰ ਸਿੰਘ ਦੇ ਖਿਲਾਫ ਅਕਾਲ ਤਖਤ ਦੀ ਮਰਿਆਦਾ ਤੇ ਸਿਧਾਂਤਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕਾਰਵਾਈ ਦੀ ਅਪੀਲ ਕੀਤੀ ਹੈ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਵੀ ਇਸ ਮਾਮਲੇ ਵਿੱਚ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਵੱਲੋਂ ਜਾਰੀ ਕੀਤੇ ਗਏ ਹੁਕਮਨਾਮੇ ਦਾ ਹਵਾਲਾ ਦਿੰਦਿਆਂ ਗਿਆਨੀ ਰਘਬੀਰ ਸਿੰਘ ਦੀ ਇਸ ਕਾਰਵਾਈ ਨੂੰ ਅਕਾਲ ਤਖਤ ਦੇ ਆਦੇਸ਼ ਦੀ ਉਲੰਘਣਾ ਕਰਾਰ ਦਿੱਤਾ ਹੈ।
