ਮਗਨਰੇਗਾ ਮੁਲਾਜ਼ਮਾਂ ਵੱਲੋਂ ਵਿੱਤ ਮੰਤਰੀ ਖ਼ਿਲਾਫ ਇਕੱਠ

17 ਦਿਨਾਂ ਤੋਂ ਹੜਤਾਲ ਕਰ ਕੇ ਆਪਣੀਆਂ ਸੇਵਾਵਾਂ ਦਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਰਲੇਵਾਂ ਕਰ ਕੇ ਇਨ੍ਹਾਂ ਨੂੰ ਪੱਕੀਆਂ ਕਰਵਾਉਣ ਦੀ ਮੰਗ ’ਤੇ ਸੰਘਰਸ਼ ਕਰ ਰਹੇ ਮਗਨਰੇਗਾ ਮੁਲਾਜ਼ਮਾਂ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਦਿੜ੍ਹਬਾ ਦੀ ਅਨਾਜ ਮੰਡੀ ਵਿੱਚ ਇਕੱਠ ਕੀਤਾ। ਇਸ ਉਪਰੰਤ ਦਿੜ੍ਹਬਾ ਦੇ ਬਾਜ਼ਾਰਾਂ ਵਿੱਚ ਵੱਡੀ ਰੈਲੀ ਕਰ ਕੇ ਵਿੱਤ ਮੰਤਰੀ ਦੇ ਦਫ਼ਤਰ ਦਾ ਘਿਰਾਓ ਕੀਤਾ। ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰੀ ਸਕੀਮਾਂ ਦੇ ਮੁਲਾਜ਼ਮ ਆਖ ਕੇ ਪੱਲਾ ਛੁਡਾਇਆ ਜਾਂਦਾ ਹੈ, ਜਦੋਂ ਕਿ ਨਰੇਗਾ ਐਕਟ 2005 ਵਿੱਚ ਸਪੱਸ਼ਟ ਤੌਰ ’ਤੇ ਲਿਖਿਆ ਗਿਆ ਹੈ ਕਿ ਮਗਨਰੇਗਾ ਸਕੀਮ ਨੂੰ ਲਾਗੂ ਕਰਨ ਲਈ ਮੁਲਾਜ਼ਮ ਸੂਬਾ ਸਰਕਾਰ ਦੇ ਹੋਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਜੁਲਾਈ ਨੂੰ ਪੈਨਲ ਮੀਟਿੰਗ ਦਾ ਪੱਤਰ ਮਿਲਿਆ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੇਵਕ ਸਿੰਘ ਝੰਡੂਕੇ, ਵਰਿੰਦਰ ਬਠਿੰਡਾ, ਅਮਰੀਕ ਮਹਿਰਾਜ, ਰਣਧੀਰ ਸਿੰਘ ਧੀਮਾਨ ਨੇ ਕਿਹਾ ਕਿ ਪਹਿਲੀ ਜੂਨ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਹੋਈ ਪੈਨਲ ਮੀਟਿੰਗ ਵਿੱਚ ਅਤੇ 10 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਚੰਡੀਗੜ੍ਹ ਵਿੱਚ ਹੋਈ ਪੈਨਲ ਮੀਟਿੰਗ ’ਚ ਨਰੇਗਾ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਪ੍ਰਵਾਨ ਕਰ ਲਈ ਗਈ ਸੀ ਅਤੇ ਵਿੱਤ ਮੰਤਰੀ ਅਤੇ ਪੰਚਾਇਤ ਮੰਤਰੀ ਵੱਲੋਂ ਅਗਲੀ ਮੀਟਿੰਗ 18 ਜੂਨ ਨੂੰ ਕੀਤੀ ਜਾਣੀ ਸੀ ਪਰ 16 ਜੂਨ ਨੂੰ ਪੰਚਾਇਤ ਵਿਭਾਗ ਵੱਲੋਂ ਪੱਤਰ ਜਾਰੀ ਹੋਇਆ ਜਿਸ ਵਿੱਚ ਯੂਨੀਅਨ ਨੂੰ 17 ਜੂਨ ਦੀ ਮੀਟਿੰਗ ਲਈ ਸੱਦਾ ਤਾਂ ਆਇਆ ਪਰ ਇਹ ਮੀਟਿੰਗ ਇਕੱਲਿਆਂ ਸੰਯੁਕਤ ਵਿਕਾਸ ਕਮਿਸ਼ਨਰ-ਕਮ-ਕਮਿਸ਼ਨਰ ਮਗਨਰੇਗਾ ਨੇ ਹੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪੰਚਾਇਤ ਵਿਭਾਗ ਅਤੇ ਸਰਕਾਰ ਆਪਣੇ ਵਾਅਦੇ ਤੋਂ ਭੱਜ ਗਏ ਹਨ।

Scroll to Top