ਏ ਸੀ ਨੂੰ ਅੱਗ ਲੱਗਣ ਕਾਰਨ ਦਰਜਨਾਂ ਬੀੜਾਂ ਸੜੀਆਂ

ਇਥੋਂ ਨੇੜਲੇ ਪਿੰਡ ਭੁੱਟੀਵਾਲਾ ਦੇ ਗੁਰਦੁਆਰੇ ਵਿੱਚ ਏ ਸੀ ਨੂੰ ਅੱਗ ਲੱਗਣ ਕਰ ਕੇ ਦਰਬਾਰ ਸਾਹਿਬ ਦੇ ਸੱਚਖੰਡ ਵਿੱਚ ਪਈਆਂ ਕਰੀਬ ਦਰਜਨਾਂ ਬੀੜਾਂ, ਗੁਟਕੇ ਅਤੇ ਪੋਥੀਆਂ ਸੜ ਗਈਆਂ। ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਮੁਤਾਬਕ ਇਹ ਘਟਨਾ ਬਾਅਦ ਦੁਪਹਿਰ 3 ਵਜੇ ਵਾਪਰੀ ਤੇ ਉਦੋਂ ਸੱਚਖੰਡ ਅੰਦਰ ਕੋਈ ਵਿਅਕਤੀ ਮੌਜੂਦ ਨਹੀਂ ਸੀ। ਗੁਰਦੁਆਰਾ ਸਾਹਿਬ ਵਿਖੇ ਕੁੱਲ 10 ਬੀੜਾਂ ਪ੍ਰਕਾਸ਼ਮਾਨ ਸਨ। ਇਨ੍ਹਾਂ ਵਿੱਚੋਂ 5 ਬੀੜਾਂ ਅਗਨ ਭੇਟ ਹੋ ਗਈਆਂ ਹਨ। ਬਾਕੀ 4 ਬੀੜਾਂ ਅੱਗ ਬੁਝਾਉਂਦੇ ਹੋਏ ਨੁਕਸਾਨੀਆਂ ਗਈਆਂ। ਇਸ ਤੋਂ ਇਲਾਵਾ ਉੱਥੇ ਮੌਜੂਦ ਗੁਟਕਾ ਸਾਹਿਬ, ਪੋਥੀਆਂ ਅਤੇ ਸੱਚਖੰਡ ਦੇ ਅੰਦਰ ਚੌਂਕੀਆਂ, ਪੀੜੀਆਂ ਤੇ ਰੁਮਾਲਾ ਸਾਹਿਬ ਸਮੇਤ ਕਾਫੀ ਨੁਕਸਾਨ ਹੋਇਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 12 ਜੁਲਾਈ ਨੂੰ ਦਮਦਮਾ ਸਾਹਿਬ ਵਿਖੇ ਤਲਬ ਕੀਤਾ ਹੈ। ਨੁਕਸਾਨੇ ਗਏ ਸਰੂਪਾਂ ਨੂੰ ਅਗਲੀ ਪ੍ਰਕਿਰਿਆ ਲਈ ਗੋਇੰਦਵਾਲ ਸਾਹਿਬ ਲਿਜਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਹਾਲ ਹੀ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਗੈਰ-ਜ਼ਰੂਰੀ ਬਿਜਲੀ ਦੇ ਉਪਕਰਨ ਲਗਾਉਣ ਤੋਂ ਗੁਰੇਜ਼ ਕਰਨ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਬਿਜਲੀ ਦੀਆਂ ਤਾਰਾਂ ਅਤੇ ਫਿਟਿੰਗਾਂ ਦੀ ਨਿਯਮਤ ਜਾਂਚ ਕਰਵਾਉਣ।

ਐਡਵੋਕੇਟ ਧਾਮੀ ਵੱਲੋਂ ਦੁੱਖ ਦਾ ਪ੍ਰਗਟਾਵਾ; ਪ੍ਰਬੰਧਕਾਂ ਨੂੰ ਬਿਜਲੀ ਉਪਕਰਣਾਂ ਦੇ ਨਿਰੀਖਣ ਦੀ ਅਪੀਲ

ਇਸ ਘਟਨਾ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਘਟਨਾ ਹੈ, ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਵਿਚ ਬਿਜਲੀ ਉਪਕਰਣਾਂ ਦੀ ਜਾਂਚ ਅਤੇ ਨਿਗਰਾਨੀ ਪ੍ਰਬੰਧਾਂ ਦੀ ਤਰਜੀਹ ਹੋਣੀ ਚਾਹੀਦੀ ਹੈ। ਬਹੁਤ ਵਾਰੀ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੇਵਾਦਾਰਾਂ ਦੀ ਗੈਰ ਹਾਜ਼ਰੀ ਵਿਚ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵੀ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਰਕੇ ਵਾਪਰੀ ਹੈ, ਜਿਸ ਨਾਲ  ਪਾਵਨ ਸਰੂਪ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਮੁਕਤਸਰ  ਤੋਂ ਟੀਮ ਪੜਤਾਲ ਲਈ ਅਤੇ ਅਗਨ ਭੇਟ ਹੋਏ ਪਾਵਨ ਸਰੂਪਾਂ ਦੀ ਸੰਭਾਲ ਲਈ ਭੇਜੀ ਗਈ ਹੈ, ਜੋ ਜਾਂਚ ਕਰਕੇ ਰਿਪੋਰਟ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਰੀਖਣ ਕਰਦੇ ਰਹਿਣ। ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦਾ ਰਹਿਣਾ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ।

Scroll to Top