ਵਿਵਾਦਤ ਵੀਡੀਓ ਮਾਮਲਾ: ਮੁੱਖ ਮੰਤਰੀ ਖ਼ਿਲਾਫ਼ ਸਿੱਖ ਜਥੇਬੰਦੀਆਂ ਨੂੰ ਇਕਜੁੱਟ ਕਰਨ ਲਈ ਯਤਨਸ਼ੀਲ ਹੋਈ ਸ਼੍ਰੋਮਣੀ ਕਮੇਟੀ

ਵਿਵਾਦਤ ਵੀਡੀਓ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਫੈਸਲੇ ਤੇ ਸਮੁੱਚੀਆਂ ਪੰਥਕ ਜਥੇਬੰਦੀਆਂ ਨੂੰ ਇੱਕਜੁੱਟ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਤਨ ਜਾਰੀ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਜੁਲਾਈ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਇਕੱਠ ਸੱਦਿਆ ਗਿਆ ਹੈ। ਦੱਸਣਯੋਗ ਹੈ ਕਿ ਵਿਵਾਦਤ ਵੀਡੀਓ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਸੰਗਤ ਨੂੰ ਭਗਵੰਤ ਮਾਨ ਦਾ ਸਹਿਯੋਗ ਨਾ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਇਸ ਮਾਮਲੇ ਵਿੱਚ ਹੁਣ ਸਥਿਤੀ ਇਹ ਬਣ ਚੁੱਕੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਫੈਸਲੇ ਨੂੰ ਗਲਤ ਦਰਸਾਉਣ ਵਾਸਤੇ ਵੱਡੇ ਵੱਡੇ ਇਕੱਠ ਕੀਤੇ ਜਾ ਰਹੇ ਹਨ ਅਤੇ ਲੋਕਾਂ ਨਾਲ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਦੂਜੇ ਪਾਸੇ ਸ੍ਰੀ ਅਕਾਲ ਤਖਤ ਵੱਲੋਂ ਕੀਤੇ ਗਏ ਇਸ ਫੈਸਲੇ ਨੂੰ ਲਾਗੂ ਕਰਵਾਉਣ ਵਾਸਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਯਤਨਸ਼ੀਲ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਆਪਣੇ ਗੁਰਦੁਆਰਿਆਂ ਦੇ ਬਾਹਰ ਸ੍ਰੀ ਅਕਾਲ ਤਖਤ ਦੇ ਆਦੇਸ਼ ਨੂੰ ਦਰਸਾਉਂਦੇ ਵੱਡੇ ਫਲੈਕਸ ਲਾਏ ਗਏ ਹਨ, ਜਿਸ ਵਿੱਚ ਸੰਗਤ ਨੂੰ ਉਸ ਦਾ ਬਾਈਕਾਟ ਕਰਨ ਲਈ ਆਖਿਆ ਗਿਆ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਅਤੇ ਜਨਰਲ ਹਾਊਸ ਦੀ ਇਕੱਤਰਤਾ ਕਰ ਕੇ ਮੁੱਖ ਮੰਤਰੀ ਕੋਲੋਂ ਅਸਤੀਫੇ ਦੀ ਮੰਗ ਕੀਤੀ ਜਾ ਚੁੱਕੀ ਹੈ। ਸਿੱਖ ਸੰਗਤ ਨੂੰ ਉਸ ਨੂੰ ਸਹਿਯੋਗ ਨਾ ਕਰਨ ਦੀ ਅਪੀਲ ਕੀਤੀ ਜਾ ਚੁੱਕੀ ਹੈ। ਹੁਣ ਇਸ ਮਾਮਲੇ ਵਿੱਚ ਪੰਥਕ ਜਥੇਬੰਦੀਆਂ ਨੂੰ ਇੱਕਜੁੱਟ ਕਰਨ ਅਤੇ ਉਨ੍ਹਾਂ ਦੀ ਰਾਏ ਬਣਾਉਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ 5 ਜੁਲਾਈ ਨੂੰ ਪੰਥਕ ਇਕੱਠ ਸੱਦਿਆ ਗਿਆ ਹੈ। ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਇਸ ਪੰਥਕ ਇਕੱਠ ਵਿੱਚ ਸ਼ਾਮਿਲ ਹੋਣ ਵਾਸਤੇ ਵੱਡੇ ਪੱਧਰ ’ਤੇ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸਿੱਖ ਸ਼ਖਸੀਅਤਾਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ। ਇਸ ਸਬੰਧ ਵਿੱਚ ਲਗਪਗ 100 ਤੋਂ ਵੱਧ ਸਿੱਖ ਜਥੇਬੰਦੀਆਂ ਨੂੰ ਪੱਤਰ ਭੇਜੇ ਗਏ ਹਨ ਅਤੇ ਪ੍ਰਮੁੱਖ ਜਥੇਬੰਦੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਖੁਦ ਮਿਲ ਕੇ ਸੱਦਾ ਪੱਤਰ ਦਿੱਤੇ ਜਾ ਰਹੇ ਹਨ। ਅੱਜ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਸਥਾ ਦੇ ਮੁੱਖ ਦਫਤਰ ਵਿਖੇ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਗਈ ਹੈ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ। ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਇਸ ਪੰਥਕ ਇਕੱਠ ਦੌਰਾਨ ਸਿੱਖ ਜਥੇਬੰਦੀਆਂ ਨੂੰ ਸ੍ਰੀ ਅਕਾਲ ਤਖਤ ਵੱਲੋਂ ਕੀਤੇ ਗਏ ਫੈਸਲੇ ਨੂੰ ਲਾਗੂ ਕਰਨ ਅਤੇ ਫੈਸਲੇ ਮੁਤਾਬਕ ਮੁੱਖ ਮੰਤਰੀ ਦੇ ਬਾਈਕਾਟ ਲਈ ਸਹਿਮਤ ਕੀਤਾ ਜਾਵੇਗਾ। ਇਸ ਇਕੱਠ ਦੌਰਾਨ ਵੀ ਮੁੱਖ ਮੰਤਰੀ ਤੋਂ ਅਸਤੀਫੇ ਦੀ ਮੰਗ ਕੀਤੀ ਜਾ ਸਕਦੀ ਹੈ। ਜੇਕਰ ਸ਼੍ਰੋਮਣੀ ਕਮੇਟੀ ਦੇ ਯਤਨ ਸਫਲ ਹੁੰਦੇ ਹਨ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਈ ਆਉਣ ਵਾਲਾ ਸਮਾਂ ਵੱਡੀ ਪ੍ਰੇਸ਼ਾਨੀ ਦਾ ਸਬੱਬ ਬਣ ਸਕਦਾ ਹੈ। ਇਸ ਤੋਂ ਪਹਿਲਾਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਮਾਮਲੇ ਵਿੱਚ ਵੀ ਸਰਕਾਰ ਨੂੰ ਸੰਕਟ ਵਿੱਚੋਂ ਲੰਘਣਾ ਪੈ ਰਿਹਾ ਹੈ।

Scroll to Top