ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸ਼੍ਰੋਮਣੀ ਕਮੇਟੀ ਖ਼ਿਲਾਫ਼ ਕੇਸ ਕਰਨ ਤੋਂ ਬਾਅਦ ਸੋਮਵਾਰ ਨੂੰ ਵਾਪਸ ਲੈ ਕੇ ਬੁਰੇ ਫਸ ਚੁੱਕੇ ਹਨ। ਗਿਆਨੀ ਰਘਬੀਰ ਸਿੰਘ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸ਼੍ਰੋਮਣੀ ਕਮੇਟੀ ਖ਼ਿਲਾਫ਼ ਆਪਣੇ ਅਹੁਦੇ ਨੂੰ ਸੁਰੱਖਿਅਤ ਕਰਨ ਬਾਰੇ ਕੀਤੇ ਕੇਸ ਤੋਂ ਬਾਅਦ ਵਾਪਸ ਲੈਣ ਦੇ ਫ਼ੈਸਲੇ ਦੌਰਾਨ ਹੋਈ ਸਿੰਘ ਸਾਹਿਬਾਨ ਦੀ ਪਦਵੀ ਤੇ ਸੰਸਥਾ ਦੀ ਬਦਨਾਮੀ ਕਾਰਨ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਨੂੰ ਬਦਲਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਣੇ ਹਾਲਾਤ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਗਿਆਨੀ ਰਘਬੀਰ ਸਿੰਘ ਨੂੰ ਬਰਾਬਰ ਦੇ ਹੱਕ ਦਿੰਦੇ ਹੋਏ ਕਿਸੇ ਅਹਿਮ ਅਹੁਦੇ ’ਤੇ ਸੇਵਾਵਾਂ ਲੈਣ ਸਬੰਧੀ ਆਉਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਫ਼ੈਸਲਾ ਲਿਆ ਜਾ ਸਕਦਾ ਹੈ। ਚਰਚਾ ਹੈ ਕਿ ਗਿਆਨੀ ਰਘਬੀਰ ਸਿੰਘ ਤੋਂ ਧਰਮ ਪ੍ਰਚਾਰ ਕਮੇਟੀ ਵਿਚ ਪੰਜਾਬ ਪ੍ਰਚਾਰ ਦੇ ਇੰਚਾਰਜ ਜਾਂ ਮੀਤ ਸਕੱਤਰ ਦੀਆਂ ਸੇਵਾਵਾਂ ਲੈਣ ਬਾਰੇ ਵੀ ਮੁਲਾਂਕਣ ਕੀਤਾ ਜਾ ਰਿਹਾ ਹੈ। ਗਿਆਨੀ ਰਘਬੀਰ ਸਿੰਘ ਬਤੌਰ ਅਖੰਡ ਪਾਠੀ ਸਿੰਘ ਸ਼੍ਰੋਮਣੀ ਕਮੇਟੀ ਵਿਚ ਸੇਵਾਵਾਂ ਨਿਭਾਉਂਦੇ ਹੋਏ ਲੰਮਾ ਸਮਾਂ ਪੰਜ ਪਿਆਰਿਆਂ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੇਵਾ ਨਿਭਾਉਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਨਿਭਾਉਂਦੇ ਹੋਏ 16 ਜੂਨ 2023 ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ। 9 ਜੂਨ ਨੂੰ ਸ਼੍ਰੋਮਣੀ ਕਮੇਟੀ ਖ਼ਿਲਾਫ਼ ਹਾਈ ਕੋਰਟ ਵਿਚ ਕੇਸ ਦਾਇਰ ਕਰਕੇ ਆਪਣੇ ਅਹੁਦੇ ਨੂੰ ਸੁਰੱਖਿਅਤ ਕਰਨ ਲਈ ਕੀਤੇ ਯਤਨ ਵਿਚ ਅਸਫਲ ਰਹੇ ਗਿਆਨੀ ਰਘਬੀਰ ਸਿੰਘ ਸਬੰਧੀ ਇਸ ਘਟਨਾਕ੍ਰਮ ਵਿਚ ਹੋਈ ਸਤਿਕਾਰਤ ਪਦਵੀ ਤੇ ਸੰਸਥਾ ਦੀ ਬਦਨਾਮੀ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਸੰਗਤਾਂ ਤੇ ਸਿੱਖ ਸੰਸਥਵਾਂ ਦੇ ਮੁਖੀਆਂ ਤੋਂ ਇਲਾਵਾ ਵੱਡੇ ਪੱਧਰ ’ਤੇ ਬੁੱਧੀਜੀਵੀਆਂ ਵੱਲੋਂ ਗਿਆਨੀ ਰਘਬੀਰ ਸਿੰਘ ਦੀ ਇਸ ਕਾਰਵਾਈ ਨੂੰ ਗਲਤ ਦੱਸਦਿਆਂ ਬਣਦੀ ਕਾਰਵਾਈ ਦੀ ਗੱਲ ਕਹੀ ਹੈ। ਚਰਚਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਉਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਧਰਮ ਪ੍ਰਚਾਰ ਕਮੇਟੀ ਦੇ ਪੰਜਾਬ ਪ੍ਰਚਾਰ ਵਿਭਾਗ ਵਿਚ ਗਿਆਨੀ ਰਘਬੀਰ ਸਿੰਘ ਪਾਸੋਂ ਬਤੌਰ ਇੰਚਾਰਜ ਸੇਵਾਵਾਂ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਵਿਭਾਗ ਪੰਜਾਬ ਅਤੇ ਬਾਹਰੀ ਸੂਬਿਆਂ ਤੋਂ ਇਲਾਵਾ ਵਿਦੇਸ਼ਾਂ ਵਿਚ ਵੀ ਧਰਮ ਪ੍ਰਚਾਰ ਦਾ ਸਮੁੱਚਾ ਪ੍ਰਬੰਧ ਕਰਦਾ ਹੈ। ਇਸ ਵਿਭਾਗ ਕੋਲ ਜਿੱਥੇ ਵੱਖ-ਵੱਖ ਸੂਬਿਆਂ ਵਿਚ ਮਿਸ਼ਨ ਹਨ, ਉਥੇ ਹੀ ਸੈਂਕੜਿਆਂ ਦੀ ਤਾਦਾਦ ਵਿਚ ਢਾਡੀ, ਕਵੀਸ਼ੀਰੀ, ਪ੍ਰਚਾਰਕ ਆਦਿ ਸ਼ਾਮਲ ਹਨ।